ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਸਿੱਖ ਸੰਗਤ ਨੂੰ ਦੇ ਸਕਦੀ ਹੈ ਵੱਡਾ ਤੋਹਫ਼ਾ !
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆ ਸਕਦੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਸਬੰਧੀ ਕਦਮ ਚੁੱਕਿਆ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੀ ਉਡੀਕ ਕਰ ਰਹੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ ਸਿੱਖ ਸ਼ਰਧਾਲੂਆਂ ਲਈ ਬੇਹੱਦ ਧਾਰਮਿਕ ਮਹੱਤਵ ਰੱਖਦਾ ਹੈ। ਇਸ ਰਸਤੇ ਰਾਹੀਂ ਭਾਰਤ ਤੋਂ ਸੰਗਤ ਬਿਨਾਂ ਵੀਜ਼ੇ ਦੇ ਵਿਸ਼ੇਸ਼ ਇਜਾਜ਼ਤ ਅਤੇ ਨਿਰਧਾਰਤ ਪ੍ਰਕਿਰਿਆ ਤਹਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਹੈ।
ਪਿਛਲੇ ਲੰਬੇ ਸਮੇਂ ਤੋਂ ਨਾਨਕ ਨਾਮ ਲੇਵਾ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਸੰਗਤ ਦੀ ਇੱਛਾ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।
ਹੁਣ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹੇ ਜਾਣ ਦੀ ਚਰਚਾ ਨੇ ਸਿੱਖ ਸੰਗਤ ਵਿੱਚ ਉਮੀਦ ਜਗਾ ਦਿੱਤੀ ਹੈ। ਹਾਲਾਂਕਿ, ਲਾਂਘਾ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਐਲਾਨ ਅਤੇ ਅਗਲੀ ਪ੍ਰਕਿਰਿਆ ਬਾਰੇ ਪੁਸ਼ਟੀ ਦੀ ਉਡੀਕ ਹੈ।