ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ
Centre opposes commuting Balwant Rajoana’s death sentence: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਦਾ ਵਿਰੋਧ ਕੀਤਾ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਪ੍ਰਾਪਤ ਭਾਈ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਹਵਾਲਾ ਦਿੱਤਾ। ਕੇਂਦਰ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਸੂਬੇ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੇਂ ਸਜ਼ਾ ਘਟਾਉਣ ਬਾਰੇ ਕੋਈ ਫ਼ੈਸਲਾ ਲੈਣਾ ਅਨੁਕੂਲ ਨਹੀਂ ਹੋਵੇਗਾ।
ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਟਕਿਆ ਹੈ ਮਾਮਲਾ
ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਅਮਲ ਦਾ ਮਾਮਲਾ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਟਕਿਆ ਹੋਇਆ ਹੈ। ਇਸ ਮਾਮਲੇ ਨਾਲ ਕੌਮੀ ਸੁਰੱਖਿਆ, ਕਾਨੂੰਨ-ਵਿਵਸਥਾ ਅਤੇ ਪੰਜਾਬ ਦੇ ਸੰਵੇਦਨਸ਼ੀਲ ਸਿਆਸੀ ਮਾਹੌਲ ਨਾਲ ਜੁੜੇ ਮੁੱਦੇ ਵੀ ਜੁੜੇ ਹੋਏ ਹਨ। ਪੰਜਾਬ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਲਿਆ ਗਿਆ ਇਹ ਰੁਖ ਸਿਆਸੀ ਅਤੇ ਕਾਨੂੰਨੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
