Chandigarh ; Sector-25 ‘ਚ ਦਿਨ-ਦਿਹਾੜੇ ਹਮਲਾ, ਦੋ ਨੌਜਵਾਨ ਜ਼ਖਮੀ, ਪੀਜੀਆਈ ਰੈਫਰ
Chandigarh ; ਮੰਗਲਵਾਰ ਸ਼ਾਮ ਕਰੀਬ 4 ਵਜੇ ਚੰਡੀਗੜ੍ਹ ਦੇ ਸੈਕਟਰ-25 ‘ਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਦੋ ਨੌਜਵਾਨਾਂ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰ ਦਿੱਤਾ। ਜ਼ਖਮੀ ਨੌਜਵਾਨ ਦੀ ਪਛਾਣ ਸੈਕਟਰ-25 ਦੇ ਰਹਿਣ ਵਾਲੇ ਸ਼ੁਭਮ ਅਤੇ ਉਸ ਦੇ ਦੂਜੇ ਦੋਸਤ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-11 ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸੈਕਟਰ-16 ਦੇ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ।
ਸੈਕਟਰ-11 ਥਾਣਾ ਇੰਚਾਰਜ ਜੈਵੀਰ ਰਾਣਾ ਵੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਦੇ ਬਿਆਨਾਂ ‘ਤੇ ਪੁਲਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਭਮ ਦੇ ਭਰਾ ਦਾ ਕਹਿਣਾ ਹੈ ਕਿ ਹਮਲਾਵਰਾਂ ਨਾਲ ਉਸ ਦੀ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ, ਫਿਰ ਵੀ ਤਿੰਨ ਤੋਂ ਚਾਰ ਬਦਮਾਸ਼ਾਂ ਨੇ ਉਸ ‘ਤੇ ਅਚਾਨਕ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਪੁਲੀਸ ਤੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਘਟਨਾ ਸਬੰਧੀ ਇਲਾਕਾ ਕੌਂਸਲਰ ਪੂਨਮ ਨੇ ਅਮਨ-ਕਾਨੂੰਨ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੈਕਟਰ-25 ’ਚ ਗੁੰਡਾਗਰਦੀ ਵੱਧ ਰਹੀ ਹੈ ਅਤੇ ਨਿੱਤ ਦਿਨ ਹਥਿਆਰਾਂ ਨਾਲ ਨਿਡਰ ਅਪਰਾਧੀ ਹਮਲਾ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਦੋ ਕਤਲ ਹੋ ਚੁੱਕੇ ਹਨ। ਉਨ੍ਹਾਂ ਐਸਐਸਪੀ ਕੰਵਰਦੀਪ ਕੌਰ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਪੁਲੀਸ ਗਸ਼ਤ ਵਧਾਈ ਜਾਵੇ ਤਾਂ ਜੋ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
ਮਾਮਲੇ ਸਬੰਧੀ ਡੀਐਸਪੀ ਸੈਂਟਰਲ ਉਦੈਪਾਲ ਨੇ ਦੱਸਿਆ ਕਿ ਪੁਲੀਸ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਜੈਵੀਰ ਰਾਣਾ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।