Chandigarh ਦੀ NIA ਅਦਾਲਤ ਵੱਲੋਂ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ
Goldy Brar: ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਨੂੰ ਭਗੌੜਾ ਘੋਸ਼ਿਤ ਕਰਨ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ਫਾਇਰਿੰਗ ਮਾਮਲੇ ‘ਚ NIA ਨੇ ਵੱਡੀ ਕਾਰਵਾਈ ਕੀਤੀ ਹੈ।
ਭਾਰਤੀ ਸੁਰੱਖਿਆ ਜ਼ਾਬਤਾ 2023 ਦੀ ਧਾਰਾ 84 ਦੇ ਤਹਿਤ ਕਾਰਵਾਈ ਕਰਦੇ ਹੋਏ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਉਸਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ।
ਜਾਣਕਾਰੀ ਅਨੁਸਾਰ ਗੋਲਡੀ ਬਰਾੜ ਖ਼ਿਲਾਫ਼ ਪਹਿਲਾਂ ਵੀ ਨਾ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ। ਗੋਲਡੀ ਬਰਾੜ ਨੇ ਫਿਰੌਤੀ ਨਾ ਦੇਣ ‘ਤੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੀ ਕੋਠੀ ’ਤੇ ਫਾਇਰਿੰਗ ਕਰਵਾਈ ਸੀ। 30 ਦਿਨਾਂ ਦੇ ਅੰਦਰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗੋਲਡੀ ਬਰਾੜ ਨੂੰ ਭਗੌੜਾ ਐਲਾਨਿਆ ਜਾਵੇਗਾ। ਇਸ ਮਾਮਲੇ ‘ਚ ਐਨਆਈਏ ਵੱਲੋਂ 8 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਸਨ। 27 ਫਰਵਰੀ ਨੂੰ ਅਗਲੀ ਸੁਣਵਾਈ ਹੋਵੇਗੀ।
ਗੋਲਡੀ ਬਰਾੜ ਵਿਰੁੱਧ 20 ਜਨਵਰੀ, 2024 ਨੂੰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਐਨਆਈਏ ਨੇ 8 ਮਾਰਚ, 2024 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ। ਉਸਨੂੰ ਕੇਂਦਰ ਸਰਕਾਰ ਨੇ ਪਹਿਲਾਂ ਹੀ ਅੱਤਵਾਦੀ ਐਲਾਨ ਚੁੱਕੀ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ।
ਇਸ ਮਾਮਲੇ ਵਿੱਚ ਗੋਲਡੀ ਬਰਾੜ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120B (ਅਪਰਾਧਿਕ ਸਾਜ਼ਿਸ਼), 336 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਾ ਲਾਪਰਵਾਹੀ ਵਾਲਾ ਕੰਮ), 384 (ਜਬਰਦਸਤੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਦੇ ਤਹਿਤ ਦੋਸ਼ ਲਗਾਏ ਗਏ ਹਨ।
ਜੇਕਰ ਉਹ ਨਿਰਧਾਰਤ ਸਮੇਂ ਦੇ ਅੰਦਰ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ ਤਾਂ ਉਸਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਉਸਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।