CIA ਫਾਜ਼ਿਲਕਾ ਦੀ ਵੱਡੀ ਕਾਮਯਾਬੀ, 2 ਕਿਲੋ ਤੋਂ ਵੱਧ ਹੈਰੋਇਨ ਸਮੇਤ ਜੀਜਾ-ਸਾਲਾ ਕਾਬੂ
Fazilka heroin seizure: ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 2 ਕਿਲੋ 143 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਕਰਨ ਵਾਲੇ ਇਕ ਹੋਰ ਵਿਅਕਤੀ ਦੀ ਪਛਾਣ ਹੋਈ ਹੈ, ਜਿਸ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 17 ਜੁਲਾਈ 2026 ਨੂੰ ਸੀ.ਆਈ.ਏ. ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਏ.ਐੱਸ.ਆਈ. ਰਣਜੀਤ ਸਿੰਘ ਅਤੇ ਪੁਲਿਸ ਪਾਰਟੀ ਥਾਣਾ ਸਿਟੀ ਫਾਜ਼ਿਲਕਾ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਆਨੰਦਪੁਰ ਮੁਹੱਲੇ ਤੋਂ ਆਵਾ ਲਿੰਕ ਰੋਡ ‘ਤੇ ਪਿੱਪਲ ਦੇ ਦਰੱਖਤ ਹੇਠ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਖੜ੍ਹੇ ਨਜ਼ਰ ਆਏ।
ਸ਼ੱਕ ਦੇ ਆਧਾਰ ‘ਤੇ ਜਦੋਂ ਪੁਲਿਸ ਨੇ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲ ਮੌਜੂਦ ਕਿੱਟ ਬੈਗ ਵਿੱਚੋਂ 2 ਕਿਲੋ 143 ਗ੍ਰਾਮ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਵਰਨ ਸਿੰਘ ਪੁੱਤਰ ਮਿੱਠਣ ਸਿੰਘ ਵਾਸੀ ਬਸਤੀ ਕੇਸਰ ਸਿੰਘ, ਥਾਣਾ ਗੁਰੂਹਰਸਹਾਏ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਲੇਖ ਰਾਜ ਵਾਸੀ ਆਨੰਦਪੁਰ ਮੁਹੱਲਾ, ਫਾਜ਼ਿਲਕਾ ਵਜੋਂ ਹੋਈ ਹੈ।
ਇਸ ਸਬੰਧੀ ਥਾਣਾ ਸਿਟੀ ਫਾਜ਼ਿਲਕਾ ਵਿੱਚ ਮੁਕੱਦਮਾ ਨੰਬਰ 139, ਮਿਤੀ 17 ਜੁਲਾਈ 2026 ਅਧੀਨ ਧਾਰਾ 21(ਸੀ), 29, 61 ਅਤੇ 85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਇਹ ਹੈਰੋਇਨ ਜੱਜ ਸਿੰਘ ਵਾਸੀ ਸਿੱਧੂਵਾਲਾ, ਥਾਣਾ ਸਦਰ ਜਲਾਲਾਬਾਦ ਵੱਲੋਂ ਸਪਲਾਈ ਕੀਤੀ ਗਈ ਸੀ, ਜਿਸ ਨੂੰ ਅੱਗੇ ਹੋਰ ਥਾਵਾਂ ‘ਤੇ ਪਹੁੰਚਾਇਆ ਜਾਣਾ ਸੀ।
ਪੁਲਿਸ ਨੇ ਦੱਸਿਆ ਕਿ ਜੱਜ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਰਿਕਾਰਡ ਮੁਤਾਬਕ ਜੱਜ ਸਿੰਘ ਖ਼ਿਲਾਫ਼ ਪਹਿਲਾਂ ਹੀ ਲੜਾਈ-ਝਗੜੇ, ਚੋਰੀ ਅਤੇ ਲੁੱਟ-ਖੋਹ ਨਾਲ ਸਬੰਧਤ ਤਿੰਨ ਅਪਰਾਧਿਕ ਮਾਮਲੇ ਦਰਜ ਹਨ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਾਰਵਾਈ ਜਾਰੀ ਰਹੇਗੀ।