ਮਨੋਹਰ ਲਾਲ ਖੱਟਰ ਨੂੰ ਮਿਲੇ CM ਭਗਵੰਤ ਮਾਨ, ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਦਿੱਤਾ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਾਲ ਕੇਂਦਰੀ ਅਨਾਜ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾ ਰਿਹਾ ਹੈ। ਇਸ ਯੋਗਦਾਨ ਨੂੰ ਬਰਕਰਾਰ ਰੱਖਣ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਸਬੰਧੀ ਕੌਮੀ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਸਾਹਮਣੇ ਉਠਾਇਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਕੋਲੇ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਦੇ ਸੰਪਰਕ ਵਿੱਚ ਹੈ।
ਮੁਲਾਕਾਤ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਨਾਲ ਜੁੜੇ ਮੁੱਦਿਆਂ ’ਤੇ ਉਸਾਰੂ ਚਰਚਾ ਹੋਈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਦੱਸਿਆ ਗਿਆ ਹੈ ਕਿ ਪੰਜਾਬ ਦੇਸ਼ ਦੇ ਕੌਮੀ ਅਨਾਜ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਾ ਹੈ ਅਤੇ ਇੰਨੀ ਵੱਡੀ ਮਾਤਰਾ ਵਿੱਚ ਅਨਾਜ ਪੈਦਾ ਕਰਨ ਲਈ ਨਿਰਵਿਘਨ ਬਿਜਲੀ ਸਪਲਾਈ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਸਵੀਕਾਰ ਕਰਦਿਆਂ ਬਿਜਲੀ ਅਤੇ ਕੋਲੇ ਦੀ ਨਿਰੰਤਰ ਸਪਲਾਈ ਦਾ ਭਰੋਸਾ ਦਿੱਤਾ ਹੈ। ਪੰਜਾਬ ਨੇ ਵੀ ਦੇਸ਼ ਦੇ ਅਨਾਜ ਭੰਡਾਰ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਹੈ। ਉਨ੍ਹਾਂ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਦਿੱਤਾ।
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨਾਲ ਸਬੰਧਤ ਕਈ ਮੁੱਦਿਆਂ, ਖ਼ਾਸ ਕਰਕੇ ਕੋਲੇ ਦੀ ਸਪਲਾਈ ਅਤੇ ਬਿਜਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਵਿੱਚ ਕੋਲੇ ਜਾਂ ਬਿਜਲੀ ਦੀ ਕੋਈ ਕਮੀ ਨਾ ਆਵੇ ਅਤੇ ਬਿਜਲੀ ਉਤਪਾਦਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ।
ਪਚਵਾੜਾ ਕੋਲਾ ਖਾਣਾਂ ਤੋਂ ਸਪਲਾਈ ਦਾ ਮੁੱਦਾ ਵੀ ਉਠਾਇਆ
ਮੁੱਖ ਮੰਤਰੀ ਨੇ ਦੱਸਿਆ ਕਿ ਪਚਵਾੜਾ ਕੋਲਾ ਖਾਣਾਂ ਤੋਂ ਕੋਲੇ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਵੀ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਹੈ, ਤਾਂ ਜੋ ਪੰਜਾਬ ਵਿੱਚ ਬਿਜਲੀ ਉਤਪਾਦਨ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਇਹ ਵੀ ਕਿਹਾ ਕਿ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਕੌਮੀ ਪੱਧਰ ’ਤੇ ਲਾਗੂ ਹੋ ਰਹੀਆਂ ਵੱਖ-ਵੱਖ ਯੋਜਨਾਵਾਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।
ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮਾਂ ਦੇ ਦੌਰੇ ਦਾ ਦਿੱਤਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਦੇ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਡੈਮ ਦੀ ਉਸਾਰੀ ਹੋਣ ਤੋਂ ਬਾਅਦ ਸੂਬੇ ਨੂੰ ਵਾਤਾਵਰਣ ਸਬੰਧੀ ਅਧਿਕਾਰੀਆਂ ਜਾਂ ਕੌਮੀ ਗ੍ਰੀਨ ਟ੍ਰਿਬਿਊਨਲ (NGT) ਦੇ ਵਾਰ-ਵਾਰ ਨੋਟਿਸਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਮੁਤਾਬਕ, ਇਸ ਪ੍ਰਾਜੈਕਟ ਸਬੰਧੀ ਲਗਭਗ ਹਰ ਸਾਲ ਕੋਈ ਨਾ ਕੋਈ ਨੋਟਿਸ ਮਿਲਦਾ ਹੈ, ਜਿਸ ਕਾਰਨ ਬੇਲੋੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਾਈਡ੍ਰੋਪਾਵਰ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਲਗਭਗ 40 ਫ਼ੀਸਦੀ ਹੈ। ਇਸ ਲਈ ਸੂਬੇ ਦੇ ਪਣ-ਬਿਜਲੀ ਪ੍ਰਾਜੈਕਟਾਂ ਦਾ ਸੁਚਾਰੂ ਸੰਚਾਲਨ ਅਤੇ ਵਿਕਾਸ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਲਈ ਮਹੱਤਵਪੂਰਨ ਹੈ।
ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ’ਤੇ ਕੀ ਕਿਹਾ?
ਬਰਗਾੜੀ ਅਤੇ ਬਹਿਬਲ ਕਲਾਂ ਘਟਨਾਵਾਂ ਸਬੰਧੀ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਉਸ ਸਮੇਂ ਪਿਛਲੀਆਂ ਸਰਕਾਰਾਂ ਸੱਤਾ ਵਿੱਚ ਸਨ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿੱਚ ਆਈ ਕਾਂਗਰਸ ਸਰਕਾਰ ਨੇ ਵੀ ਇਨ੍ਹਾਂ ਮਾਮਲਿਆਂ ਨੂੰ ਇੰਨਾ ਕਮਜ਼ੋਰ ਕਰ ਦਿੱਤਾ ਕਿ ਹੁਣ ਇਨ੍ਹਾਂ ਨੂੰ ਮੁੜ ਮਜ਼ਬੂਤ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਵੇਂ ਗਵਾਹ ਸਾਹਮਣੇ ਲਿਆ ਕੇ ਅਤੇ ਨਵੀਂ ਪਹੁੰਚ ਅਪਣਾਉਂਦਿਆਂ ਚਲਾਨ ਪੇਸ਼ ਕੀਤੇ ਜਾਣਗੇ, ਤਾਂ ਜੋ ਇਨ੍ਹਾਂ ਮਾਮਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਫਰਾਂਸ ਅਤੇ ਜਾਪਾਨ ਦੌਰੇ ਦੀ ਮਨਜ਼ੂਰੀ ਨਾ ਮਿਲਣ ’ਤੇ ਨਾਰਾਜ਼ਗੀ
ਵਿਦੇਸ਼ ਦੌਰਿਆਂ ਲਈ ਸੱਦਾ ਮਿਲਣ ਦੇ ਬਾਵਜੂਦ ਮਨਜ਼ੂਰੀ ਨਾ ਮਿਲਣ ਸਬੰਧੀ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੈਰਿਸ ਵਿੱਚ ਫੂਡ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਿੱਥੇ ਮਾਰਕਫੈੱਡ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣਾ ਸਟਾਲ ਲਗਾ ਰਿਹਾ ਹੈ। ਉਨ੍ਹਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਰਾਂਸ ਸਰਕਾਰ ਵੱਲੋਂ ਵੀ ਸੱਦਾ ਮਿਲਿਆ ਹੈ।
ਉਨ੍ਹਾਂ ਦੱਸਿਆ ਕਿ ਜਾਪਾਨ ਵਿੱਚ ਵੀ ਮਹਿਲਾ ਅਤੇ ਪੁਰਸ਼ ਹਾਕੀ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਦੇਖਣ ਲਈ ਉਨ੍ਹਾਂ ਨੂੰ ਤਿੰਨ ਦਿਨਾਂ ਦਾ ਸੱਦਾ ਮਿਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੇ ਹਿੱਤਾਂ ਲਈ ਵਿਦੇਸ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹੇ ਦੇਸ਼ਾਂ ਦੇ ਦੌਰੇ ਕਰਦੇ ਰਹਿੰਦੇ ਹਨ, ਜਿਨ੍ਹਾਂ ਦੇ ਨਾਂ ਵੀ ਕਈ ਲੋਕਾਂ ਨੇ ਸ਼ਾਇਦ ਪਹਿਲਾਂ ਨਾ ਸੁਣੇ ਹੋਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਲਿਆਉਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਉਮੀਦ ਹੈ ਕਿ ਅਗਲੇ ਦਿਨ ਉਨ੍ਹਾਂ ਨੂੰ ਮਨਜ਼ੂਰੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦਾ ਮਕਸਦ ਪੰਜਾਬ ਦੀ ਬਿਹਤਰੀ, ਨਿਵੇਸ਼ਕਾਂ ਨੂੰ ਸੂਬੇ ਵਿੱਚ ਕਾਰੋਬਾਰ ਸਥਾਪਤ ਕਰਨ ਲਈ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।
ਮਾਨਸਾ ਦੀ ਘਟਨਾ ’ਤੇ ਸਖ਼ਤ ਕਾਰਵਾਈ ਦਾ ਭਰੋਸਾ
ਮਾਨਸਾ ਵਿੱਚ ਵਾਪਰੀ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ਅਤੇ ਇਸ ਲਈ ਜ਼ਿੰਮੇਵਾਰ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਜੇਕਰ ਕੋਈ ਵਿਅਕਤੀ ਇਸ ਦੀ ਸਾਜ਼ਿਸ਼ ਰਚਣ ਜਾਂ ਯੋਜਨਾ ਬਣਾਉਣ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਇਸ ਦੁਖਾਂਤ ਨੂੰ ਲੈ ਕੇ ਸਿਆਸਤ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਪਹਿਲ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣਾ ਹੈ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
