ਪੰਜਾਬ ‘ਚ ਬਦਲਾਅ ਦਾ ਦਾਅਵਾ, ਨੌਕਰੀਆਂ, ਬਿਜਲੀ ਤੇ ਪਾਣੀ ‘ਤੇ CM Bhagwant Mann ਦੇ ਵੱਡੇ ਬਿਆਨ…
AAP Punjab 2027 plan; ਪੰਜਾਬ ਵਿਧਾਨਸਭਾ ‘ਚ ‘ਡੇਲੀ ਪੋਸਟ ਨਿਊਜ਼’ ਵੱਲੋਂ ਕਰਵਾਏ ਗਏ ਵੱਡੇ Conclave ਦੌਰਾਨ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਸਰਕਾਰ ਦੀਆਂ ਉਪਲਬਧੀਆਂ, ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਡਾ ਕਦਮ ਬਿਜਲੀ ਬਿਲਾਂ ਵਿੱਚ ਰਾਹਤ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਯੋਜਨਾ ਨਾਲ ਕਰੀਬ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹੋ ਚੁੱਕੇ ਹਨ। ਇਸਦੇ ਨਾਲ ਹੀ ਸਰਕਾਰ ਵੱਲੋਂ ਹੁਣ ਤੱਕ 600 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੀ ਵੀ ਗੱਲ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 65,264 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਨੌਜਵਾਨਾਂ ਲਈ ਵੱਡੀ ਰਾਹਤ ਹੈ।
ਪਾਣੀ ਸੰਭਾਲ ਅਤੇ ਖੇਤੀਬਾੜੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ 78 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਇਹ ਅੰਕੜਾ 90 ਫ਼ੀਸਦੀ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 0 ਤੋਂ 4 ਮੀਟਰ ਤੱਕ ਭੂਗਰਭ ਜਲ ਪੱਧਰ ਵਿੱਚ ਸੁਧਾਰ ਆਇਆ ਹੈ।
ਸਿੱਖਿਆ ਖੇਤਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪੱਧਰ ਨੂੰ ਇੱਕੋ ਜਿਹਾ ਕਰਨਾ ਹੈ ਅਤੇ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਪੰਜਾਬ ਦਾ ਹਰ ਬੱਚਾ ਫੁੱਲ ਵਰਗਾ ਹੈ” ਅਤੇ ਸਰਕਾਰ ਉਸਦੇ ਭਵਿੱਖ ਲਈ ਵਚਨਬੱਧ ਹੈ।
ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ 3.50 ਲੱਖ ਕਰੋੜ ਰੁਪਏ ਦੇ ਕਰਜ਼ੇ ਨਾਲ ਛੱਡਿਆ ਗਿਆ ਸੀ, ਪਰ ਮੌਜੂਦਾ ਸਰਕਾਰ ਕਰਜ਼ਾ ਲੈ ਕੇ ਵੀ ਵਿਕਾਸ ਕਾਰਜ ਕਰ ਰਹੀ ਹੈ। VIP ਕਲਚਰ ਬਾਰੇ ਉਨ੍ਹਾਂ ਕਿਹਾ ਕਿ ਉਹ ਖੁਦ ਸਾਦਗੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਦੇ ਨੇੜੇ ਰਹਿਣਾ ਚਾਹੁੰਦੇ ਹਨ।
ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਦੇ ਵਿਧਾਇਕਾਂ ਨੂੰ ਖਰੀਦ ਕੇ ਦਿਖਾਏ। ਇਸਦੇ ਨਾਲ ਹੀ ਉਨ੍ਹਾਂ ਨੇ ਰਾਜ ਸਭਾ ਮੈਂਬਰਾਂ ਨੂੰ ਚੁਣੌਤੀ ਦਿੱਤੀ ਕਿ ਜੇ ਉਹਨਾਂ ਵਿੱਚ ਹਿੰਮਤ ਹੈ ਤਾਂ ਅਸਤੀਫ਼ਾ ਦੇਣ।
ਰਾਜਨੀਤਿਕ ਟਿੱਪਣੀ ਕਰਦਿਆਂ ਉਨ੍ਹਾਂ ਨੇ Raghav Chadha ਬਾਰੇ ਕਿਹਾ ਕਿ ਉਹ “ਕੰਪ੍ਰੋਮਾਈਜ਼ ਹੋ ਕੇ ਗਿਆ” ਅਤੇ ਪਹਿਲਾਂ ਉਹਨਾਂ ਦਾ ਪੀਏ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੁਝ ਨੇਤਾ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ।
ਅੰਤ ਵਿੱਚ ਮੁੱਖ ਮੰਤਰੀ ਨੇ 2027 ਦੀਆਂ ਚੋਣਾਂ ਲਈ ਪੂਰੀ ਤਿਆਰੀ ਦਾ ਦਾਅਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ ਅਤੇ ਉਹ ਮੁੜ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਵਚਨਬੱਧ ਹਨ।