CM Mann Hands Over Appointment Letters: ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।
Mission Rozgar Punjab: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣਗੇ।
ਨਿਰੋਲ ਮੈਰਿਟ ਦੇ ਆਧਾਰ ’ਤੇ ਨੌਕਰੀਆਂ
ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਬਿਨਾਂ ਕਿਸੇ ਸਿਫਾਰਸ਼ ਤੋਂ ਆਪਣੀ ਯੋਗਤਾ ਦੇ ਆਧਾਰ ’ਤੇ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ 55,000 ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ
ਪੰਜਾਬ ਸੀਐਮ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲੇ ਦਿਨ ਤੋਂ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸਮਰੱਥ ਬਣਾਉਣਾ ਹੈ।
ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਨੌਕਰੀਆਂ ਨੌਜਵਾਨਾਂ ਦੀ ਤਕਦੀਰ ਬਦਲ ਦੇਣਗੀਆਂ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੇਣ ਦੇ ਸ਼ਾਨਦਾਰ ਸਫਰ ਦੀ ਗਵਾਹ ਬਣ ਕੇ ਉੱਭਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪਿਛਲੀਆਂ ਸਰਕਾਰਾਂ ‘ਤੇ ਸਾਧਿਆ ਨਿਸ਼ਾਨਾ
ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਧੀਆਂ-ਪੁੱਤ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਉਨ੍ਹਾਂ ਨੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ ਡੇ ਮੀਲ ਸੈਂਟਰ ਬਣੇ ਹੋਏ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਹੁਣ ‘ਸਕੂਲ ਆਫ਼ ਐਮੀਨੈਂਸ’ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵਲੋਂ ਕਰਵਾਏ ਗਏ ਕੌਮੀ ਐਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਪਹਿਲੇ ਸਥਾਨ ‘ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀ ਨੀਟ ਦੀ ਪ੍ਰੀਖਿਆ ਲਈ ਕੁਆਲੀਫਾਈ ਹੋਏ ਹਨ, 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤੀ ਜਦਕਿ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗੁਰਬਤ ਦੇ ਚੱਕਰ ਚੋਂ ਬਾਹਰ ਕੱਢ ਸਕਦੀ ਹੈ।
ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਕੀਤਾ ਨਜ਼ਰਅੰਦਾਜ਼
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਰਾਜਨੀਤੀ ਦੇ ਖੇਤਰ ਵਿੱਚ ਆਉਣ ਦੀ ਇੱਛਾ ਨਹੀਂ ਰੱਖੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਅਤੇ ਇਸ ਦੇ ਲੋਕਾਂ ਦੀ ਬੇਰਹਿਮੀ ਨਾਲ ਕੀਤੀ ਜਾ ਰਹੀ ਲੁੱਟ ਨੇ ਉਨ੍ਹਾਂ ਨੂੰ ਇਸ ਖੇਤਰ ਵਿੱਚ ਆਉਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਸੀ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕਰ ਰਹੀ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦੇ ਸਨ ਅਤੇ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾਉਂਦੇ ਸਨ ਜਦੋਂਕਿ ਅੱਜ ਸਰਕਾਰ ਲੋਕਾਂ ਦੀ ਫੀਡਬੈਕ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਭਗਵੰਤ ਮਾਨ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਿਸਾਲੀ ਵਿਕਾਸ ਹੋਇਆ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਰਾਦੇ ਬੜੇ ਸਪੱਸ਼ਟ ਹਨ ਕਿ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾਵੇ।