ਸੂਬੇ ‘ਚ ਬਣਨਗੇ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ, ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ

Ultra Modern Stadiums in Punjab: ਮੁੱਖ ਮੰਤਰੀ ਭਗਵੰਤ ਮਾਨ ਨੇ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ।
Promote Sports Culture in Punjab: ਪੰਜਾਬ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ‘ਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਹਿਲਾਂ ਖੇਡਾਂ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਨਿਗੂਣਾ ਸੀ ਪਰ ਹੁਣ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਖੇਡਾਂ ਦੇ ਖ਼ੇਤਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਜਦੋਂ ਵੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਝੰਡਾ ਲਹਿਰਾਇਆ ਜਾਂਦਾ ਹੈ ਤਾਂ ਇਹ ਸਾਰਿਆਂ ਲਈ ਮਾਣ ਵਾਲੀ ਗੱਲ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਚਾਰ ਕੌਮੀ ਟੀਮਾਂ ਦੀ ਕਪਤਾਨੀ ਪੰਜਾਬੀਆਂ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹਰਮਨਪ੍ਰੀਤ ਕੌਰ, ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਸਿੰਘ ਸ਼ਾਮਲ ਹਨ।
ਹਰ ਖੇਡ ‘ਚ ਪੰਜਾਬ ਦੇ ਖਿਡਾਰੀ ਕਪਤਾਨ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਨੌਂ ਪੰਜਾਬੀ ਖਿਡਾਰੀ ਕੌਮੀ ਹਾਕੀ ਟੀਮ ਦੇ ਮੈਂਬਰ ਹਨ, ਜੋ ਦਰਸਾਉਂਦਾ ਹੈ ਕਿ ਸੂਬਾ ਖੇਡਾਂ ਦੇ ਖੇਤਰ ਵਿੱਚ ਕਿਵੇਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਵਿਸ਼ਾਲ ਖੇਡ ਬੁਨਿਆਦੀ ਢਾਂਚਾ ਬਣਾਇਆ ਹੈ, ਜਿਸ ਕਾਰਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖੇਡਦੀਆਂ ਨਜ਼ਰ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਖੇਡਾਂ ਵਿੱਚ ਸੋਨ ਤਗਮਾ ਜੇਤੂਆਂ ਨੂੰ ਇਕ ਕਰੋੜ ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 50 ਲੱਖ ਰੁਪਏ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਹੁਣ ਖਿਡਾਰੀਆਂ ਨੂੰ ਤੁਰੰਤ ਇਨਾਮ ਦਿੱਤੇ ਜਾਂਦੇ ਹਨ। ਇਕ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਹਰੇਕ ਪੰਜਾਬੀ ਖਿਡਾਰੀ ਨੂੰ ਤਗਮੇ ਜਿੱਤਣ ਉੱਤੇ ਇਕ-ਇਕ ਕਰੋੜ ਰੁਪਏ ਦਿੱਤੇ ਗਏ ਸਨ ਤਾਂ ਜੋ ਹੋਰ ਨੌਜਵਾਨ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਖਿਡਾਰੀਆਂ ਨੂੰ ਪੈਸਿਆਂ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਨਕਦ ਇਨਾਮ ਤੁਰੰਤ ਦਿੱਤੇ ਜਾ ਰਹੇ ਹਨ।
ਵਿਰੋਧੀਆਂ ‘ਤੇ ਨਿਸ਼ਾਨਾ
ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੱਕ ਸੱਤਾ ਦਾ ਆਨੰਦ ਮਾਣਿਆ ਅਤੇ ਆਪਣੇ ਕੁਸ਼ਾਸਨ ਦੌਰਾਨ ਉਹ ਫ਼ਿਲਮੀ ਸਿਤਾਰਿਆਂ ਤੇ ਪੈਸਾ ਲੁਟਾਉਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਖੇਡ ਮੰਤਰੀਆਂ ਨੂੰ ਖੇਡਾਂ ਦੀ ਕੋਈ ਸਮਝ ਨਹੀਂ ਸੀ, ਰਾਜਨੀਤਿਕ ਆਗੂਆਂ ਦਾ ਖੇਡ ਐਸੋਸੀਏਸ਼ਨਾਂ
ਤੇ ਕੰਟਰੋਲ ਸੀ ਅਤੇ ਉਹ ਸਰਕਾਰੀ ਖ਼ਰਚੇ `ਤੇ ਸੁੱਖ ਸਹੂਲਤਾਂ ਦਾ ਆਨੰਦ ਮਾਣਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 300 ਕੋਚ ਨਿਯੁਕਤ ਕੀਤੇ ਹਨ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਅੱਠ ਲੱਖ ਰੁਪਏ ਦਿੱਤੇ ਜਾਂਦੇ ਹਨ।
‘ਜਰਨੈਲਾਂ` ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ, ਜਿਸ ਕਾਰਨ ਸੂਬਾ ਸਰਕਾਰ ਭਵਿੱਖ ਵਿੱਚ ਵਧੀਆ ਖਿਡਾਰੀ ਪੈਦਾ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਦੇ ਸਰਾਪ ਤੋਂ ਵੀ ਬਚਾਉਣਗੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲੇ ਇਨ੍ਹਾਂ ‘ਜਰਨੈਲਾਂ` ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਨ ਵਾਲੇ ਇਨ੍ਹਾਂ ‘ਜਰਨੈਲਾਂ’ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਵਿਕਰੀ/ਸਪਲਾਈ ਕੀਤੀ।