CM ਮਾਨ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ, ਕਰਤਾਰਪੁਰ ਸਾਹਿਬ ਤੇ ਨਨਕਾਣਾ ਸਾਹਿਬ ਜਾਣ ਦੀ ਜਤਾਈ ਇੱਛਾ
Punjab CM Bhagwant Mann Kartarpur Sahib Visit; ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਮਾਨ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਜਦੋਂ ਉਨ੍ਹਾਂ ਨੂੰ ਜਾਪਾਨ ਜਾਂ ਫਰਾਂਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਪਾਕਿਸਤਾਨ ਜਾਣ ਦੀ ਮਨਜ਼ੂਰੀ ਕਿਵੇਂ ਮਿਲੇਗੀ।
ਦਰਅਸਲ, 23 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਲਾਹੌਰ ਵਿੱਚ ਹੋਣ ਵਾਲੇ ਵਿਸ਼ਵ ਪੰਜਾਬੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਉਨ੍ਹਾਂ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਜੜ੍ਹਾਂ ਸਾਂਝੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੀ ਇੱਛਾ ਵੀ ਜਤਾਈ ਸੀ।
ਲਾਹੌਰ ਸੰਮੇਲਨ ਲਈ ਮਿਲਿਆ ਸੀ ਸੱਦਾ
25 ਅਕਤੂਬਰ ਨੂੰ ਪਾਕਿਸਤਾਨ ਦੀ ਸੰਸਥਾ ‘ਪੰਜਾਬੀ ਪ੍ਰਚਾਰ’ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੌਥੇ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ ਦਾ ਰਸਮੀ ਸੱਦਾ ਭੇਜਿਆ ਗਿਆ ਸੀ। ਇਹ ਸੰਮੇਲਨ 27 ਤੋਂ 29 ਨਵੰਬਰ ਤੱਕ ਲਾਹੌਰ ਦੇ ਪੰਜਾਬ ਇੰਸਟੀਚਿਊਟ ਆਫ਼ ਲੈਂਗੂਏਜ, ਆਰਟ ਐਂਡ ਕਲਚਰ ਵਿੱਚ ਹੋਣਾ ਹੈ। ਮਾਨ ਨੂੰ ਸੰਮੇਲਨ ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।
ਪਾਕਿਸਤਾਨੀ ਮੰਤਰੀ ਨੇ ਵੀ ਦਿੱਤਾ ਸੀ ਸੱਦਾ
27 ਅਕਤੂਬਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਵੀ ਭਗਵੰਤ ਮਾਨ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਰੇ ਵਿਧਾਇਕਾਂ ਅਤੇ ਹੋਰ ਨੁਮਾਇੰਦਿਆਂ ਨੂੰ ਵੀ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਸੀ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਸੀ। ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਵੀ ਭਗਵੰਤ ਮਾਨ ਦਾ ਸਵਾਗਤ ਕਰਨ ਦੀ ਗੱਲ ਕਹੀ ਗਈ ਸੀ।
ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।