ਸਮਾਣਾ ਨੂੰ CM ਮਾਨ ਦਾ ਵੱਡਾ ਤੋਹਫ਼ਾ! 12 ਕਰੋੜ ਦੇ ਸਟੇਡੀਅਮ ਦਾ ਨੀਂਹ ਪੱਥਰ, 4-ਲੇਨ ਸੜਕ ਦਾ ਵੀ ਐਲਾਨ
Punjab News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਮਾਣਾ ਹਲਕੇ ਦੇ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਫਤਿਹ ਮਾਜਰੀ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਪਟਿਆਲਾ-ਸਮਾਣਾ-ਪਾਤੜਾਂ ਸੜਕ ਨੂੰ ਫੋਰ ਲੇਨ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦੇ ਰਹੇ ਹਨ।
ਫਤਿਹ ਮਾਜਰੀ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਖੇਡ ਬੁਨਿਆਦੀ ਢਾਂਚਾ ਤਿਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡਾਂ ਵਿੱਚ ਕਰੀਬ 3000 ਖੇਡ ਸਟੇਡੀਅਮ ਤਿਆਰ ਹੋ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਟਿਆਲਾ-ਸਮਾਣਾ-ਪਾਤੜਾਂ ਸੜਕ ਨੂੰ ਫੋਰ ਲੇਨ ਬਣਾਉਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ 2027 ਵਿੱਚ ਮੁੜ ਸਰਕਾਰ ਬਣਾਉਣ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਧਰਮ ਦੀ ਆੜ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।
ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਉਨ੍ਹਾਂ ਦੀ ਸਰਕਾਰ ਲੈ ਕੇ ਆਈ ਹੈ ਅਤੇ ਜੇਕਰ ਕੋਈ ਇੱਕ ਵਿਅਕਤੀ ਉਸ ਨਾਲ ਸਹਿਮਤ ਨਹੀਂ ਹੁੰਦਾ ਤਾਂ ਇਸ ਨਾਲ ਕਾਨੂੰਨ ਦੀ ਪ੍ਰਕਿਰਿਆ ਨਹੀਂ ਰੁਕ ਸਕਦੀ। ਸਮਾਗਮ ਦੌਰਾਨ ਆਪ ਆਗੂ ਸੁਰਜੀਤ ਸਿੰਘ ਰੱਖੜਾ ਮੌਜੂਦ ਰਹੇ, ਜਦਕਿ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਗੈਰਹਾਜ਼ਰ ਰਹੇ।