PAU ਕਿਸਾਨ ਮੇਲੇ ‘ਚ CM ਮਾਨ ਦਾ ਵੱਡਾ ਬਿਆਨ, ਕਿਹਾ- “ਮੈਂ ਤੁਹਾਡਾ ਮਿੱਤਰ ਹਾਂ, ਮੇਰੇ ‘ਤੇ ਵੀ ਸਪਰੇਅ ਕਰ ਦਿੰਦੇ ਹੋ”
CM Mann major statement PAU Kisan Mela:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਵਿੱਚ ਸ਼ੁੱਕਰਵਾਰ (18 ਸਤੰਬਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨਾਂ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਨਾ ਲਗਾਉਣ ਅਤੇ ਆਪਣੀਆਂ ਮੰਗਾਂ ਸਬੰਧੀ ਸਿੱਧਾ ਸਰਕਾਰ ਨਾਲ ਗੱਲਬਾਤ ਕਰਨ।
CM ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਕਿਸਾਨ ਆਗੂਆਂ ਨੂੰ ਮੀਟਿੰਗ ਕਰਨੀ ਹੋਵੇ ਤਾਂ ਉਹ ਸਿੱਧੇ ਉਨ੍ਹਾਂ ਕੋਲ ਆ ਸਕਦੇ ਹਨ। ਉਨ੍ਹਾਂ ਕਿਹਾ, “ਤੁਸੀਂ ਪਹਿਲਾਂ ਧਰਨਾ ਲਗਾਉਂਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਮੀਟਿੰਗ ਕਰਨੀ ਹੈ। ਪਹਿਲਾਂ ਹੀ ਆ ਕੇ ਗੱਲ ਕਰ ਲਿਆ ਕਰੋ। ਮੈਂ ਤੁਹਾਡਾ ਮਿੱਤਰ ਹਾਂ, ਤੁਸੀਂ ਮੇਰੇ ‘ਤੇ ਵੀ ਸਪਰੇਅ ਕਰ ਦਿੰਦੇ ਹੋ।”
ਕਿਸਾਨਾਂ ਨੂੰ ਖੇਤੀ ਖਰਚ ਘਟਾਉਣ ਦੀ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਖੇਤੀ ਦੀ ਲਾਗਤ ਘਟਾਉਣ ਵੱਲ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮਿੱਟੀ ਅਤੇ ਫਸਲਾਂ ਦੀ ਜਾਂਚ ਕਰਵਾਉਣ ਤੋਂ ਬਾਅਦ ਹੀ ਖਾਦਾਂ ਅਤੇ ਦਵਾਈਆਂ ਦਾ ਛਿੜਕਾਅ ਕਰਨਾ ਚਾਹੀਦਾ ਹੈ।
ਪਰਾਲੀ ਸਾੜਨ ਮਾਮਲੇ ‘ਤੇ CM ਦਾ ਬਿਆਨ
ਪਰਾਲੀ ਸਾੜਨ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਇਸ ਮਾਮਲੇ ‘ਚ ਬਦਨਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਪਰਚੇ ਦਰਜ ਕਰਨ ਦੀ ਗੱਲ ਕਰ ਰਹੀ ਹੈ, ਪਰ ਪੰਜਾਬ ਸਰਕਾਰ ਕਿਸਾਨਾਂ ‘ਤੇ ਕੇਸ ਦਰਜ ਨਹੀਂ ਕਰੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। CM ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਇਨਸੈਂਟਿਵ ਦੇਵੇ ਤਾਂ ਕਿਸਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਇਨਸੈਂਟਿਵ ਦੇਵੇਗੀ।
AAP ਵੱਲੋਂ ਚੋਣ ਮੁਹਿੰਮ ਦੀ ਸ਼ੁਰੂਆਤ
ਦੂਜੇ ਪਾਸੇ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ 19 ਸਤੰਬਰ ਨੂੰ ਲੁਧਿਆਣਾ ਵਿੱਚ ਚੋਣੀ ਪੰਫਲੈਟ ਜਾਰੀ ਕਰਨਗੇ।
ਇਸ ਤੋਂ ਬਾਅਦ 20 ਸਤੰਬਰ ਤੋਂ AAP ਵੱਲੋਂ ਵੱਡੇ ਪੱਧਰ ‘ਤੇ ਡੋਰ-ਟੂ-ਡੋਰ ਕੈਂਪੇਨ ਸ਼ੁਰੂ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ CM ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਘਰ-ਘਰ ਜਾ ਕੇ ਕਰਨਗੇ।
