ਮਾਨਹਾਨੀ ਮਾਮਲੇ ‘ਚ ਤਿੰਨ ਸਿਆਸੀ ਆਗੂਆਂ ਖ਼ਿਲਾਫ਼ ਅਦਾਲਤ ਪਹੁੰਚੀ CM ਮਾਨ ਦੀ ਪਤਨੀ, ਜਾਣੋ ਪੂਰਾ ਮਾਮਲਾ…
Punjab CM Wife Defamation Case News Update; ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਲਗਾਏ ਗਏ ਕਥਿਤ ਝੂਠੇ ਦੋਸ਼ਾਂ ਨੂੰ ਲੈ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੈ।
ਡਾ. ਗੁਰਪ੍ਰੀਤ ਕੌਰ ਨੇ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਾਇਰ ਕੀਤੀ ਹੈ। ਇਹ ਮਾਮਲਾ ਭਾਰਤੀ ਨਿਆਂ ਸੰਹਿਤਾ (BNS) 2023 ਦੀ ਧਾਰਾ 356 ਨਾਲ ਸਬੰਧਤ ਹੈ, ਜਿਸ ਵਿੱਚ ਦੋਸ਼ ਸਾਬਤ ਹੋਣ ‘ਤੇ 2 ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ।
ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਨੇ ਤਿੰਨਾਂ ਆਗੂਆਂ ਨੂੰ ਮਾਨਹਾਨੀ ਨੋਟਿਸ ਭੇਜ ਕੇ 24 ਘੰਟਿਆਂ ਵਿੱਚ ਮਾਫ਼ੀ ਮੰਗਣ ਲਈ ਕਿਹਾ ਸੀ, ਪਰ ਉਨ੍ਹਾਂ ਵੱਲੋਂ ਮਾਫ਼ੀ ਨਹੀਂ ਮੰਗੀ ਗਈ।
ਡਾ. ਗੁਰਪ੍ਰੀਤ ਕੌਰ ਨੇ ਸ਼ਿਕਾਇਤ ਵਿੱਚ ਕੀ ਕਿਹਾ?
ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਇੱਕ ਯੋਗ ਮੈਡੀਕਲ ਪ੍ਰੋਫੈਸ਼ਨਲ ਹਨ ਅਤੇ ਸਮਾਜ ਵਿੱਚ ਉਨ੍ਹਾਂ ਦੀ ਇੱਜ਼ਤ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਲਗਾਏ ਗਏ ਦੋਸ਼ਾਂ ਕਾਰਨ ਉਨ੍ਹਾਂ ਦੇ ਚਰਿੱਤਰ ਅਤੇ ਸਨਮਾਨ ਨੂੰ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਨੇ 1 ਸਤੰਬਰ 2026 ਨੂੰ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਬਿਆਨ ਦਿੱਤੇ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪ੍ਰੈੱਸ ਕਾਨਫਰੰਸ ਦੌਰਾਨ ਆਡੀਓ ਰਿਕਾਰਡਿੰਗ, ਤਸਵੀਰਾਂ ਅਤੇ CCTV ਫੁਟੇਜ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।
ਡਾ. ਗੁਰਪ੍ਰੀਤ ਕੌਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਤਿੰਨਾਂ ਆਗੂਆਂ ਨੂੰ ਮਾਨਹਾਨੀ ਮਾਮਲੇ ਵਿੱਚ ਤਲਬ ਕੀਤਾ ਜਾਵੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਹਿਲਾਂ ਵੀ ਲੱਗ ਚੁੱਕੀ ਹੈ ਸੋਸ਼ਲ ਮੀਡੀਆ ਪੋਸਟਾਂ ‘ਤੇ ਰੋਕ
ਇਸ ਤੋਂ ਪਹਿਲਾਂ ਇੱਕ ਵੱਖਰੇ ਮਾਮਲੇ ਵਿੱਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਨੇ ਜਸਟਿਸ (ਰਿਟਾਇਰਡ) ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ‘ਤੇ ਰਿਸ਼ਵਤ ਮੰਗਣ ਨਾਲ ਸਬੰਧਤ ਕੋਈ ਵੀ ਅਣਪ੍ਰਮਾਣਿਤ ਜਾਂ ਮਾਨਹਾਨੀ ਵਾਲੀ ਪੋਸਟ ਨਾ ਪਾਉਣ ਦੇ ਹੁਕਮ ਦਿੱਤੇ ਸਨ।
