ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
Punjab News: ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਗੈਰ-ਕਾਨੂੰਨੀ ਕਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖਾਲਸਾ ਟੈਕਸ ਵਸੂਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੋਵੇਂ ਮੁੱਖ ਮੰਤਰੀਆਂ ਵਿਚਕਾਰ ਗੱਲਬਾਤ ਹੋਣ ਦੀ ਪੁਸ਼ਟੀ ਹਿਮਾਚਲ ਦੇ ਕੈਬਨਿਟ ਮੰਤਰੀ ਜਗਤ ਸਿੰਘ ਨੇਗੀ ਨੇ ਕੀਤੀ ਹੈ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ‘ਚ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ‘ਚ, ਨਿਹੰਗ ਸਿੰਘ ਸੰਗਠਨਾਂ ਨੇ ਬੀਤੇ ਦਿਨ ਕੀਰਤਪੁਰ-ਮਨਾਲੀ ਰਾਸ਼ਟਰੀ ਰਾਜਮਾਰਗ ‘ਤੇ ਖਾਲਸਾ ਟੈਕਸ ਮੁਹਿੰਮ ਸ਼ੁਰੂ ਕੀਤੀ ਸੀ। ਇਹ ਪ੍ਰਤੀਕਾਤਮਕ ਕਾਰਵਾਈ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਗੜਾ ਮੋੜ ਟੋਲ ਪਲਾਜ਼ਾ ਨੇੜੇ ਕੀਤੀ ਗਈ।
ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਇਹ (ਖਾਲਸਾ ਟੈਕਸ) ਬਿਲਕੁਲ ਗਲਤ ਹੈ ਤੇ ਇਸ ਦਾ ਹੱਲ ਪੰਜਾਬ ਸਰਕਾਰ ਨੂੰ ਕੱਢਣਾ ਚਾਹੀਦਾ ਹੈ। ਅਜਿਹਾ ਕੋਈ ਵੀ ਕੰਮ ਕਰਦਾ ਹੈ ਤਾਂ ਉਹ ਕਾਨੂੰਨੀ ਤੌਰ ‘ਤੇ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਕਿਹਾ ਇਸ ਸਬੰਧੀ ਸਾਡੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਜਦੋਂ ਅਸੀਂ ਕੁੱਝ ਗਲਤ ਕਰਦੇ ਹਾਂ ਤਾਂ ਇਹ ਸਾਰੇ ਇਕੱਠੇ ਹੋ ਜਾਂਦੇ ਭਾਜਪਾ-ਅਕਾਲੀ।