Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਪਰਿਵਾਰ ਵੱਲੋਂ ਸੀਐਮ ਮਾਨ ਨੂੰ ਮਾਮਲੇ ਬਾਰੇ ਪੂਰੀ ਗੱਲਬਾਤ ਕੀਤੀ। ਮੁਲਾਕਾਤ ਉਪਰੰਤ ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਨੇ ਇਨਸਾਫ਼ ਦਾ ਭਰੋਸਾ ਦਿੱਤਾ ਹੈ।
ਸੀਐਮ ਨੇ ਇਨਸਾਫ਼ ਦਾ ਦਿੱਤਾ ਭਰੋਸਾ : ਕਰਨਲ ਪਰਿਵਾਰ
ਕਰਨਲ ਦੀ ਪਤਨੀ ਜਸਵਿੰਦਰ ਬਾਠ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਦੌਰਾਨ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਅਤੇ ਕਾਰਵਾਈ ਲਈ 6 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਕਰਨਲ ਦੇ ਪਰਿਵਾਰ ਨੇ ਮੁਲਾਕਾਤ ਤੋਂ ਪਹਿਲਾਂ ਕਿਹਾ ਸੀ ਕਿ ਪੰਜਾਬ ਪੁਲਿਸ ਤੋਂ ਖਦਸ਼ਾ ਜਤਾਉਂਦਿਆਂ ਇਲਜ਼ਾਮ ਲਾਇਆ ਸੀ ਕਿ ਪੁਲਿਸ ਉਨ੍ਹਾਂ ‘ਤੇ ਫਰਜ਼ੀ ਪਰਚਾ ਦੇਣਾ ਚਾਹੁੰਦੀ ਹੈ, ਜਿਸ ਲਈ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਕਰਨਲ ਦੇ ਪਰਿਵਾਰ ਵੱਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।
ਕਰਨਲ ਕੁੱਟਮਾਰ ਮਾਮਲੇ ਵਿੱਚ ਐਸਆਈਟੀ ਦਾ ਕੀ ਹੈ ਕਹਿਣਾ ?
ਦੂਜੇ ਪਾਸੇ ਇਸ ਮਾਮਲੇ ਵਿੱਚ ਬਣੀ ਐਸਆਈਟੀ ਦੇ ਮੁਖੀ ਏਡੀਜੀਪੀ ਏ.ਸ. ਰਾਏ ਨੇ ਪਟਿਆਲਾ ‘ਚ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਐੱਸਐੱਸਪੀ ਪਟਿਆਲਾ ਨੂੰ ਵੀ ਤਲਬ ਕੀਤਾ ਜਾ ਸਕਦਾ ਹੈ।
ਏਡੀਜੀਪੀ ਰਾਏ ਨੇ ਕਿਹਾ ਕਿ ਜਾਂਚ ਟੀਮ ਅਗਲੇ ਦੋ ਦਿਨਾਂ ਵਿੱਚ ਸਾਰੇ ਸਬੂਤ ਇਕੱਠੇ ਕਰੇਗੀ। ਰਾਏ ਨੇ ਕਿਹਾ ਕਿ ਜਿਸ ਥਾਂ ‘ਤੇ ਲੜਾਈ ਹੋਈ ਸੀ, ਉਸ ਤੋਂ ਇਲਾਵਾ ਇਸ ਮਾਮਲੇ ‘ਚ ਹੁਣ ਤੱਕ ਜੋ ਵੀ ਕਾਗਜ਼ੀ ਕਾਰਵਾਈ ਹੋਈ ਹੈ, ਉਨ੍ਹਾਂ ਸਾਰੇ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਇਕੱਠਾ ਕਰਕੇ ਜਾਂਚ ਦੇ ਘੇਰੇ ‘ਚ ਲਿਆ ਜਾਵੇਗਾ। ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਰਾਏ ਨੇ ਕਿਹਾ ਕਿ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਐਸਐਸਪੀ ਪਟਿਆਲਾ ਨੂੰ ਵੀ ਜਾਂਚ ਵਿੱਚ ਬੁਲਾਇਆ ਜਾ ਸਕਦਾ ਹੈ।






























