ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ
Counter-intelligence inspector arrested: ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਕਥਿਤ ਤੌਰ ’ਤੇ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਮੁਲਜ਼ਮ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੰਸਪੈਕਟਰ ਬਲਦੇਵ ਸਿੰਘ ਆਈ-20 ਕਾਰ ਵਿੱਚ ਸਵਾਰ ਹੋ ਕੇ ਮੋਗਾ ਰੋਡ ਵੱਲ ਜਾ ਰਿਹਾ ਸੀ। ਪੁਲਿਸ ਵੱਲੋਂ ਰੋਕ ਕੇ ਤਲਾਸ਼ੀ ਲੈਣ ’ਤੇ ਇਹ ਬਰਾਮਦਗੀ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਬਲਦੇਵ ਸਿੰਘ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਾਲੀਆਂ ਪੁਲਿਸ ਕਾਰਵਾਈਆਂ ਦਾ ਹਿੱਸਾ ਰਹਿ ਚੁੱਕਾ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਸ ਪਿੱਛੇ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।
