Bikram Singh Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਈ। ਜਿੱਥੇ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹੁਣ ਮਜੀਠੀਆ 14 ਦਿਨਾਂ ਲਈ ਜੇਲ੍ਹ ਵਿੱਚ ਰਹਿਣਗੇ।
ਮਜੀਠੀਆ 26 ਜੂਨ ਤੋਂ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਕੀਲ ਨੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਮਜੀਠੀਆ ਦੇ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੁਲਿਸ ਅਜੇ ਵੀ ਤਿੰਨ ਦਿਨ ਹੋਰ ਰਿਮਾਂਡ ਲੈ ਸਕਦੀ ਹੈ। ਜੇਕਰ ਲੋੜ ਪਈ ਤਾਂ ਮਜੀਠੀਆ ਦਾ ਪੁਲਿਸ ਰਿਮਾਂਡ ਦੁਬਾਰਾ ਲਿਆ ਜਾਵੇਗਾ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਹੁਣ 19 ਜੁਲਾਈ ਨੂੰ ਹੋਵੇਗੀ।
ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ, ਅੱਜ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੋਹਾਲੀ ਅਦਾਲਤ ਦੇ ਬਾਹਰ ਪਹੁੰਚੇ।