ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਉੱਠੀ ਹੈ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਪੁਲਿਸ ਦੀ ਜਾਂਚ ’ਤੇ ਸਵਾਲ ਖੜ੍ਹੇ ਕੀਤੇ ਹਨ।
ਜ਼ਿਕਰਯੋਗ ਹੈ ਕਿ 4 ਦਸੰਬਰ 2024 ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ’ਤੇ ਸਾਬਕਾ ਅੱਤਵਾਦੀ ਨਾਰਾਇਣ ਸਿੰਘ ਚੌੜਾ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਸਨ।
ਸੁਖਬੀਰ ਬਾਦਲ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਪੱਖਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੇ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਮਾਮਲੇ ਦੀ ਜਾਂਚ ਸੀਬੀਆਈ ਜਾਂ NIA ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੁੱਖ ਮੁਲਜ਼ਮ ਨੂੰ 25 ਮਾਰਚ 2025 ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦਿਆਂ ਜਾਂਚ ਵਿੱਚ ਕਥਿਤ ਲਾਪਰਵਾਹੀ ਦਾ ਮੁੱਦਾ ਵੀ ਉਠਾਇਆ ਗਿਆ ਹੈ।
ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ NIA ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 22 ਮਈ 2025 ਤੱਕ ਮੁਲਤਵੀ ਕਰ ਦਿੱਤੀ ਸੀ।
ਨਾਂਦੇੜ ਵਿੱਚ ਵੀ ਹੋਇਆ ਸੀ ਹਮਲਾ
ਇਸ ਤੋਂ ਇਲਾਵਾ 13 ਅਗਸਤ 2026 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਵੀ ਸੁਖਬੀਰ ਸਿੰਘ ਬਾਦਲ ’ਤੇ ਕਿਰਪਾਨ ਨਾਲ ਹਮਲਾ ਹੋਇਆ ਸੀ। ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦੋਵਾਂ ਹਮਲਿਆਂ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।
ਹਰਸਿਮਰਤ ਕੌਰ ਬਾਦਲ ਨੇ ਦੋਵਾਂ ਘਟਨਾਵਾਂ ਵਿਚਾਲੇ ਸਮਾਨਤਾਵਾਂ ਦਾ ਹਵਾਲਾ ਦਿੰਦਿਆਂ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਪ੍ਰਗਟਾਈ ਸੀ। ਉਨ੍ਹਾਂ ਦੀ ਮੰਗ ਹੈ ਕਿ ਦੋਵਾਂ ਹਮਲਿਆਂ ਦੇ ਆਪਸੀ ਸਬੰਧਾਂ ਦੀ ਜਾਂਚ ਕੀਤੀ ਜਾਵੇ ਅਤੇ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਪੱਖ ਤੋਂ ਵੀ ਗੰਭੀਰਤਾ ਨਾਲ ਦੇਖਿਆ ਜਾਵੇ। ਹੁਣ ਇਸ ਪੂਰੇ ਮਾਮਲੇ ਵਿੱਚ ਜਾਂਚ ਏਜੰਸੀ ਬਦਲਣ ਦੀ ਮੰਗ ਅਤੇ ਦੋਵਾਂ ਹਮਲਿਆਂ ਦੇ ਸੰਭਾਵਿਤ ਸਬੰਧਾਂ ਨੂੰ ਲੈ ਕੇ ਅਦਾਲਤੀ ਕਾਰਵਾਈ ਮਹੱਤਵਪੂਰਨ ਰਹੇਗੀ।