ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ: ਪ੍ਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਟਾਰੀ-ਵਾਘਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਮੁੜ ਸ਼ੁਰੂ ਕਰਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਸਿੱਖ ਸੰਗਤ ਲਈ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਹੈ। ਇਸ ਨੂੰ ਖੋਲ੍ਹਣ ਨਾਲ ਨਾਨਕ ਨਾਮ ਲੇਵਾ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ।
ਪ੍ਰਗਟ ਸਿੰਘ ਨੇ ਕਿਹਾ ਕਿ ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਦੀ ਬਹਾਲੀ ਪੰਜਾਬ ਦੀ ਆਰਥਿਕਤਾ ਲਈ ਵੀ ਮਹੱਤਵਪੂਰਨ ਹੈ। ਇਸ ਨਾਲ ਸੂਬੇ ਦੇ ਵਪਾਰੀਆਂ, ਕਿਸਾਨਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਨੂੰ ਲਾਭ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਸਭ ਤੋਂ ਅਹਿਮ ਹੈ, ਪਰ ਇਸ ਦੇ ਨਾਲ ਪੰਜਾਬ ਦੇ ਧਾਰਮਿਕ ਜਜ਼ਬਾਤਾਂ, ਆਰਥਿਕ ਹਿੱਤਾਂ ਅਤੇ ਲੋਕਾਂ ਦੀ ਰੋਜ਼ੀ-ਰੋਟੀ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਲੋੜੀਂਦੀ ਕੂਟਨੀਤਕ ਪਹਿਲ ਕਰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਅਟਾਰੀ-ਵਾਘਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਲਈ ਠੋਸ ਕਦਮ ਚੁੱਕੇ ਜਾਣ।