ਦਿੱਲੀ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ: ਤਿਲਕ ਨਗਰ ਥਾਣੇ ’ਚ FIR ਦਰਜ
- CCTV ਫੁਟੇਜ ਦੇ ਆਧਾਰ ’ਤੇ ਜਾਂਚ ਜਾਰੀ
ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ, ਓਲਡ ਸਹਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿਲਕ ਨਗਰ ਥਾਣੇ ਵਿੱਚ ਐੱਫਆਈਆਰ ਨੰਬਰ 0461 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤਕਰਤਾ ਪ੍ਰੇਮ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ, ਇਹ ਘਟਨਾ 15 ਨਵੰਬਰ 2026 ਨੂੰ ਦੁਪਹਿਰ ਕਰੀਬ 4:15 ਵਜੇ ਵਾਪਰੀ। ਦੋਸ਼ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਪਾਠ ਦੌਰਾਨ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਨੰਬਰ 703 ਅਤੇ 704 ਨੂੰ ਨੁਕਸਾਨ ਪਹੁੰਚਾਇਆ।
CCTV ਫੁਟੇਜ ’ਚ ਵਿਅਕਤੀ ਦੇ ਆਉਣ ਦਾ ਦਾਅਵਾ
ਸ਼ਿਕਾਇਤ ਮੁਤਾਬਕ, ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਗਈ। ਇਸ ਵਿੱਚ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਆਉਂਦਾ ਦਿਖਾਈ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਇਸੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਕਾਰਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀ ਗੱਲ ਕਹੀ ਗਈ ਹੈ। ਸੰਗਤ ਵੱਲੋਂ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 298, 299 ਅਤੇ 192 ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਤਰੁਣ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਅਨੁਸਾਰ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।