ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ, ਫਿਰੋਜ਼ਪੁਰ ‘ਚ PGI ਸੈਟੇਲਾਈਟ ਸੈਂਟਰ ਨੂੰ ਜਲਦ ਮੁਕੰਮਲ ਕਰਨ ਦੀ ਕੀਤੀ ਮੰਗ
Keval Singh Dhillon JP Nadda Meeting; ਰਾਸ਼ਟਰੀ ਰਾਜਧਾਨੀ ਦੌਰੇ ਦੇ ਤੀਜੇ ਦਿਨ ਨਵ-ਨਿਯੁਕਤ ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਰਾਜ ਸਭਾ ਵਿੱਚ ਸਦਨ ਦੇ ਨੇਤਾ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਇਸ ਮੌਕੇ ਢਿੱਲੋਂ ਨੇ ਉਨ੍ਹਾਂ ਦਾ ਪੰਜਾਬ ਭਾਜਪਾ ਦੀ ਕਮਾਨ ਸੌਂਪ ਕੇ ਆਪਣੇ ਨੇਤ੍ਰਿਤਵ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਪੰਜਾਬ ਦੇ ਹਰ ਵਰਗ ਅਤੇ ਹਰ ਖੇਤਰ ਵਿੱਚ ਮਜ਼ਬੂਤ ਬਣਾਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਗੇ।
ਢਿੱਲੋਂ ਨੇ ਨੱਡਾ ਨੂੰ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੁਸ਼ਾਸਨ ਮਾਡਲ ਅੱਜ ਵੀ ਪੰਜਾਬ ਲਈ ਪ੍ਰੇਰਣਾ ਦਾ ਸਭ ਤੋਂ ਵੱਡਾ ਸਰੋਤ ਹੈ ਅਤੇ ਸੂਬੇ ਦੇ ਭਵਿੱਖ ਲਈ ਇੱਕ ਆਦਰਸ਼ ਮਾਰਗਦਰਸ਼ਕ ਹੈ। ਇਸੇ ਵਿਚਾਰਧਾਰਾ ਦੇ ਤਹਿਤ ਉਨ੍ਹਾਂ ਆਪਣੇ ਦਫ਼ਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕੀਤੀ ਹੈ, ਜੋ ਨਿਆਂ, ਸਮਾਵੇਸ਼ਤਾ, ਧਰਮਨਿਰਪੱਖ ਸ਼ਾਸਨ ਅਤੇ ਲੋਕ ਭਲਾਈ ਦੇ ਸਿਧਾਂਤਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਵਿੱਚ ਸ੍ਰੀ ਨੱਡਾ ਦੇ ਯੋਗਦਾਨ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਵਜੋਂ ਨੱਡਾ ਦੀ ਨਿੱਜੀ ਦਿਲਚਸਪੀ ਅਤੇ ਯਤਨਾਂ ਸਦਕਾ ਹੀ ਬਠਿੰਡਾ ਵਿੱਚ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼) ਦੀ ਸਥਾਪਨਾ ਸੰਭਵ ਹੋਈ, ਜਿਸ ਦਾ ਨੀਂਹ ਪੱਥਰ 25 ਨਵੰਬਰ 2016 ਨੂੰ ਰੱਖਿਆ ਗਿਆ ਸੀ।
ਢਿੱਲੋਂ ਨੇ ਸਰਹੱਦੀ ਖੇਤਰ ਦੀਆਂ ਸਿਹਤ ਸੰਬੰਧੀ ਲੋੜਾਂ ਦਾ ਜ਼ਿਕਰ ਕਰਦਿਆਂ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦੇ ਨਿਰਮਾਣ ਕਾਰਜ ਨੂੰ ਜਲਦ ਮੁਕੰਮਲ ਕਰਕੇ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਚਾਲੂ ਹੋਣ ਨਾਲ ਫਿਰੋਜ਼ਪੁਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੱਖਾਂ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਆਪਣੇ ਇਲਾਕੇ ਵਿੱਚ ਹੀ ਉਪਲਬਧ ਹੋ ਸਕਣਗੀਆਂ।
ਨੱਡਾ ਨੇ ਪੰਜਾਬ ਦੇ ਵਿਕਾਸ ਲਈ ਢਿੱਲੋਂ ਦੀ ਸੋਚ ਅਤੇ ਵਚਨਬੱਧਤਾ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।