TMC ਨਾਮ ਤੇ ਚੋਣ ਨਿਸ਼ਾਨ ਵਿਵਾਦ: ਸੁਪਰੀਮ ਕੋਰਟ ਵੱਲੋਂ 4 ਮਹੀਨਿਆਂ ’ਚ ਨਿਬੇੜਾ ਕਰਨ ਦੇ ਨਿਰਦੇਸ਼
Dispute over TMC name and election symbol: ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ (TMC) ਦੇ ਨਾਮ ਅਤੇ ਚੋਣ ਨਿਸ਼ਾਨ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ’ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਚਾਰ ਮਹੀਨਿਆਂ ਅੰਦਰ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਦੋਵੇਂ ਧੜਿਆਂ ਨੂੰ ਚਾਰ ਹਫ਼ਤਿਆਂ ਵਿੱਚ ਚੋਣ ਕਮਿਸ਼ਨ ਅੱਗੇ ਆਪਣਾ ਪੱਖ ਰੱਖਣ ਲਈ ਕਿਹਾ ਹੈ।
ਅਦਾਲਤ ਨੇ ਕਿਹਾ ਕਿ ਧਿਰਾਂ ਵੱਲੋਂ ਜਵਾਬ ਦਾਖ਼ਲ ਕੀਤੇ ਜਾਣ ਤੋਂ ਬਾਅਦ ਚੋਣ ਕਮਿਸ਼ਨ ਤਿੰਨ ਮਹੀਨਿਆਂ ਅੰਦਰ ਮਾਮਲੇ ਦਾ ਨਿਬੇੜਾ ਕਰੇ। ਇਹ ਹੁਕਮ ਮਮਤਾ ਬੈਨਰਜੀ ਵੱਲੋਂ TMC ਦਾ ਨਾਮ ਅਤੇ ਚੋਣ ਨਿਸ਼ਾਨ ਫ੍ਰੀਜ਼ ਕਰਨ ਸਬੰਧੀ ਚੋਣ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਆਇਆ।
ਸੁਣਵਾਈ ਦੌਰਾਨ ਚੋਣ ਕਮਿਸ਼ਨ ਵੱਲੋਂ ਪੇਸ਼ ਸੀਨੀਅਰ ਵਕੀਲ ਡੀ.ਐੱਸ. ਨਾਇਡੂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਵੱਡੀ ਗਿਣਤੀ ’ਚ ਦਸਤਾਵੇਜ਼ ਅਤੇ ਹਲਫ਼ਨਾਮੇ ਮਿਲਣ ਕਾਰਨ ਕਾਰਵਾਈ ਵਿੱਚ ਸਮਾਂ ਲੱਗਦਾ ਹੈ। ਇਸ ’ਤੇ ਬੈਂਚ ਨੇ ਕਿਹਾ ਕਿ TMC ਮਾਮਲੇ ਵਿੱਚ ਪਹਿਲਾਂ ਹੀ ਤਿੰਨ ਮਹੀਨੇ ਬੀਤ ਚੁੱਕੇ ਹਨ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਫ਼ੈਸਲਾ ਕੀਤਾ ਜਾਵੇ।
ਅਦਾਲਤ ਨੇ ਇਹ ਵੀ ਕਿਹਾ ਕਿ ਲੋੜ ਪੈਣ ’ਤੇ ਚੋਣ ਕਮਿਸ਼ਨ ਮਸਨੂਈ ਬੁੱਧੀਮਤਾ (AI) ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਲੈ ਸਕਦਾ ਹੈ। ਮਮਤਾ ਬੈਨਰਜੀ ਵੱਲੋਂ ਪੇਸ਼ ਕਪਿਲ ਸਿੱਬਲ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਬ ਜੁਲਾਈ ਵਿੱਚ ਹੀ ਚੋਣ ਕਮਿਸ਼ਨ ਕੋਲ ਦਾਖ਼ਲ ਕੀਤਾ ਜਾ ਚੁੱਕਾ ਹੈ। ਚੋਣ ਕਮਿਸ਼ਨ ਨੇ ਕੁਝ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਕੰਮ ਦੇ ਬੋਝ ਦਾ ਹਵਾਲਾ ਦਿੱਤਾ, ਜਿਸ ’ਤੇ ਅਦਾਲਤ ਨੇ ਕਿਹਾ ਕਿ ਕਿਸੇ ਮੁਸ਼ਕਲ ਦੀ ਸਥਿਤੀ ਵਿੱਚ ਕਮਿਸ਼ਨ ਮੁੜ ਅਦਾਲਤ ਦਾ ਰੁਖ ਕਰ ਸਕਦਾ ਹੈ।
