ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ
DTF teachers announce mass leave: ਚੰਡੀਗੜ੍ਹ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈਣ ਦਾ ਸੱਦਾ ਦਿੱਤਾ ਹੈ। ਜਥੇਬੰਦੀ ਨੇ ਸੂਬੇ ਦੇ ਸਕੂਲ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਹੈ। ਇਸ ਸੱਦੇ ਕਾਰਨ ਬੁੱਧਵਾਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਜਥੇਬੰਦੀ ਅਨੁਸਾਰ, ਮੁਲਾਜ਼ਮਾਂ ਦੀਆਂ ਕਈ ਅਹਿਮ ਮੰਗਾਂ ਲੰਬੇ ਸਮੇਂ ਤੋਂ ਪੈਂਡਿੰਗ ਹਨ, ਪਰ ਇਨ੍ਹਾਂ ਦਾ ਹੱਲ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, 17 ਜੁਲਾਈ 2020 ਅਤੇ 15 ਜਨਵਰੀ 2015 ਨੂੰ ਜਾਰੀ ਕੀਤੇ ਗਏ ਪੱਤਰ ਰੱਦ ਕਰਨ ਅਤੇ ਬਕਾਇਆ 10 ਫ਼ੀਸਦੀ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੀ ਮੰਗ ਵੀ ਉਠਾਈ ਗਈ ਹੈ।
ਮਿਡ-ਡੇ ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਦਾ ਮਾਣਭੱਤਾ ਵਧਾਉਣ ਦੀ ਮੰਗ
ਜਥੇਬੰਦੀ ਨੇ ਮਿਡ-ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦਾ ਮਹੀਨਾਵਾਰ ਮਾਣਭੱਤਾ ਵਧਾ ਕੇ 18,000 ਰੁਪਏ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੈਨਸ਼ਨਰਾਂ ਲਈ 2.59 ਦਾ ਗੁਣਾਂਕ (ਮਲਟੀਪਲਿਕੇਸ਼ਨ ਫੈਕਟਰ) ਲਾਗੂ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਸਰਕਾਰ ਵਿਰੁੱਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਸਮੂਹ ਸਕੂਲ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ। ਜਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਹੁੰਦਾ, ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਸਮੂਹਿਕ ਛੁੱਟੀ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਹੋਰ ਕੰਮਕਾਜ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ, ਕਿੰਨੇ ਸਕੂਲਾਂ ਦੇ ਅਧਿਆਪਕ ਅਤੇ ਹੋਰ ਮੁਲਾਜ਼ਮ ਇਸ ਸੱਦੇ ਵਿੱਚ ਸ਼ਾਮਲ ਹੁੰਦੇ ਹਨ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।