ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ
ED sends summons to former Punjab Chief Secretary: ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ ਕਰਦਿਆਂ 7 ਸਤੰਬਰ ਨੂੰ ਜਾਂਚ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 31 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਹ ਉਸ ਦਿਨ ਈਡੀ ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ। ਦੱਸ ਦਈਏ ਕਿ ਅਨੁਰਾਗ ਵਰਮਾ ਨੇ ਜਾਂਚ ਏਜੰਸੀ ਵੱਲੋਂ ਮੰਗੇ ਗਏ ਦਸਤਾਵੇਜ਼ ਇਕੱਠੇ ਕਰਨ ਅਤੇ ਉਨ੍ਹਾਂ ਨੂੰ ਤਿਆਰ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਈਡੀ ਨੇ ਹੁਣ ਉਨ੍ਹਾਂ ਨੂੰ 7 ਸਤੰਬਰ ਨੂੰ ਹਾਜ਼ਰ ਹੋਣ ਲਈ ਨਵਾਂ ਸੰਮਨ ਭੇਜਿਆ ਹੈ।
ਮੁਹਾਲੀ ਦੇ ਰੀਅਲ ਅਸਟੇਟ ਮਾਮਲੇ ਵਿੱਚ ਚੱਲ ਰਹੀ ਜਾਂਚ
ਈਡੀ ਦੀ ਇਹ ਜਾਂਚ ਮੁਹਾਲੀ ਸਥਿਤ ਸਨਟੈਕ ਸਿਟੀ (Suntec City) ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਮਾਮਲਾ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (CLU) ਅਤੇ ਲੇਆਊਟ ਵਿੱਚ ਕੀਤੀਆਂ ਕਥਿਤ ਗੈਰ-ਕਾਨੂੰਨੀ ਸੋਧਾਂ ਨਾਲ ਜੁੜਿਆ ਹੋਇਆ ਹੈ। ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਨਿੱਜੀ ਬਿਲਡਰਾਂ ਨੂੰ ਕਥਿਤ ਤੌਰ ’ਤੇ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਬਦਲਣ ਅਤੇ ਲੇਆਊਟ ਵਿੱਚ ਸੋਧਾਂ ਨੂੰ ਮਨਜ਼ੂਰੀ ਦਿੰਦਿਆਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ।
ਉਸ ਸਮੇਂ ਹਾਊਸਿੰਗ ਵਿਭਾਗ ਦੇ ਮੁਖੀ ਸਨ ਵਰਮਾ
ਅਨੁਰਾਗ ਵਰਮਾ ਇਸ ਸਮੇਂ ਵਧੀਕ ਮੁੱਖ ਸਕੱਤਰ (ਮਾਲ ਵਿਭਾਗ) ਵਜੋਂ ਸੇਵਾਵਾਂ ਨਿਭਾ ਰਹੇ ਹਨ। ਹਾਲਾਂਕਿ, ਜਿਨ੍ਹਾਂ ਫ਼ੈਸਲਿਆਂ ਅਤੇ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉਸ ਸਮੇਂ ਉਹ ਪੰਜਾਬ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਈਡੀ ਵੱਲੋਂ ਇਸ ਮਾਮਲੇ ਵਿੱਚ ਦਸਤਾਵੇਜ਼ਾਂ ਅਤੇ ਸਰਕਾਰੀ ਫ਼ੈਸਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ 7 ਸਤੰਬਰ ਨੂੰ ਅਨੁਰਾਗ ਵਰਮਾ ਦੀ ਪੇਸ਼ੀ ਤੋਂ ਬਾਅਦ ਜਾਂਚ ਵਿੱਚ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।
