ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਤਿਆਰੀਆਂ ਤੇਜ਼, 27-28 ਅਕਤੂਬਰ ਨੂੰ ਟੀਮ ਕਰੇਗੀ ਦੌਰਾ!
Punjab Assembly Elections 2027; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਆਪਣੀਆਂ ਤਿਆਰੀਆਂ ਨੂੰ ਰਫ਼ਤਾਰ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਪਹੁੰਚੇਗੀ। ਦੋ ਦਿਨਾਂ ਦੇ ਇਸ ਦੌਰੇ ਦੌਰਾਨ ਸੂਬੇ ਵਿੱਚ ਚੋਣਾਂ ਨਾਲ ਸਬੰਧਤ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ, ਟੀਮ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਵਿੱਚ ਚੋਣ ਪ੍ਰਬੰਧਾਂ ਦੀ ਸਥਿਤੀ, ਸੁਰੱਖਿਆ ਇੰਤਜ਼ਾਮਾਂ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ, ਸਿਆਸੀ ਪਾਰਟੀਆਂ ਤੋਂ ਚੋਣ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਸੁਝਾਅ ਵੀ ਲਏ ਜਾ ਸਕਦੇ ਹਨ।
ਇਸ ਤੋਂ ਇਲਾਵਾ, ਤਿਉਹਾਰਾਂ ਦੇ ਸੀਜ਼ਨ, ਮੌਸਮ ਅਤੇ ਸੂਬੇ ਦੀਆਂ ਸਥਾਨਕ ਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਵੀ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਚੋਣਾਂ ਤੋਂ ਪਹਿਲਾਂ ਹੋਣ ਵਾਲਾ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਸ਼ੁਰੂ ਹੋਣ ਦਾ ਸਮਾਂ ਨੇੜੇ ਆ ਰਿਹਾ ਹੈ।
ਇਸ ਦੌਰਾਨ ਚੋਣਾਂ ਦੇ ਸੰਭਾਵਿਤ ਸ਼ਡਿਊਲ ਨੂੰ ਲੈ ਕੇ ਵੀ ਚਰਚਾ ਤੇਜ਼ ਹੈ। ਹਾਲਾਂਕਿ, ਚੋਣਾਂ ਦੀ ਤਾਰੀਖ਼ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ, ਪਰ ਕਿਆਸ ਲਗਾਏ ਜਾ ਰਹੇ ਹਨ ਕਿ 15 ਦਸੰਬਰ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਫਰਵਰੀ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ। ਅੰਤਿਮ ਤਾਰੀਖ਼ਾਂ ਦਾ ਫ਼ੈਸਲਾ ਚੋਣ ਕਮਿਸ਼ਨ ਵੱਲੋਂ ਹੀ ਕੀਤਾ ਜਾਵੇਗਾ।
