Punjab Police: ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮਨਪ੍ਰੀਤ ਮੰਨੂ ਫਿਰੋਜ਼ਪੁਰ ਵਿੱਚ ਹੋਏ ਇੱਕ ਹੋਰ ਕਤਲ ਵਿੱਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, 07 ਜ਼ਿੰਦਾ ਕਾਰਤੂਸ ਅਤੇ 04 ਖਾਲੀ ਖੋਲ ਬਰਾਮਦ ਕੀਤੇ ਹਨ।
Encounter in Muktsar Sahib: ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਐਂਕਾਊਂਟਰ ਹੋਇਆ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਿਰੋਜ਼ਪੁਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ, ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਬਦਨਾਮ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ। ਇਹ ਸਾਰੇ ਫਿਰੋਜ਼ਪੁਰ ਵਿੱਚ ਹਾਲ ਹੀ ਵਿੱਚ ਹੋਏ ਮਸ਼ਹੂਰ ਦੋਹਰੇ ਕਤਲ ‘ਚ ਸ਼ਾਮਲ ਦੱਸੇ ਜਾ ਰਹੇ ਹਨ। ਇਹ ਕਤਲ ਆਸ਼ੀਸ਼ ਚੋਪੜਾ ਗੈਂਗ ਅਤੇ ਨਾਟਾ ਗੈਂਗ ਵਿਚਕਾਰ ਚੱਲ ਰਹੀ ਦੁਸ਼ਮਣੀ ਦਾ ਨਤੀਜਾ ਸੀ।
ਡੀਜੀਪੀ ਗੌਰਵ ਯਾਦਵ ਮੁਤਾਬਕ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਰਮਨਦੀਪ ਸਿੰਘ ਅਤੇ ਸੋਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲੁਕੇ ਹੋਏ ਹਨ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦੇ ਟਿਕਾਣੇ ‘ਤੇ ਛਾਪਾ ਮਾਰਿਆ ਤਾਂ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਹਾਲਾਂਕਿ, ਪੁਲਿਸ ਨੇ ਸਮਝਦਾਰੀ ਨਾਲ ਕੰਮ ਕੀਤਾ ਅਤੇ ਦੋਵਾਂ ਨੂੰ ਫੜ ਲਿਆ।
ਦੂਜੇ ਪਾਸੇ, ਇੱਕ ਹੋਰ ਖੁਫੀਆ ਜਾਣਕਾਰੀ ‘ਤੇ, ਜਦੋਂ ਪੁਲਿਸ ਨੇ ਫਿਰੋਜ਼ਪੁਰ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨੂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਿਸ ‘ਤੇ ਗੋਲੀਬਾਰੀ ਵੀ ਕੀਤੀ। ਜਵਾਬੀ ਕਾਰਵਾਈ ਵਿੱਚ, ਉਹ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ
- ਮਨਪ੍ਰੀਤ ਸਿੰਘ ਉਰਫ਼ ਮੰਨੂ, ਫਿਰੋਜ਼ਪੁਰ ਦਾ ਰਹਿਣ ਵਾਲਾ
- ਰਮਨਦੀਪ ਸਿੰਘ, ਫਿਰੋਜ਼ਪੁਰ ਦਾ ਰਹਿਣ ਵਾਲਾ
- ਸੋਨੂੰ, ਫਰੀਦਕੋਟ ਦਾ ਰਹਿਣ ਵਾਲਾ
ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਮਨਪ੍ਰੀਤ ਮੰਨੂ ਫਿਰੋਜ਼ਪੁਰ ਵਿੱਚ ਹੋਏ ਇੱਕ ਹੋਰ ਕਤਲ ਵਿੱਚ ਸ਼ਾਮਲ ਸੀ। ਇਸ ਤਰ੍ਹਾਂ, ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ, ਪੁਲਿਸ ਨੇ ਇੱਕ ਹੋਰ ਕਤਲ ਕੇਸ ਨੂੰ ਸੁਲਝਾ ਲਿਆ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, 07 ਜ਼ਿੰਦਾ ਕਾਰਤੂਸ ਅਤੇ 04 ਖਾਲੀ ਖੋਲ ਬਰਾਮਦ ਕੀਤੇ ਹਨ।
ਪੁਲਿਸ ਅਧਿਕਾਰੀਆਂ ਅਨੁਸਾਰ, ਉਨ੍ਹਾਂ ਦੀ ਗ੍ਰਿਫ਼ਤਾਰੀ ਗੈਂਗ ਵਾਰ ਵਿੱਚ ਸ਼ਾਮਲ ਅਪਰਾਧੀਆਂ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸਫਲਤਾ ਮਿਲੀ। ਪੁਲਿਸ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਪੂਰੇ ਨੈੱਟਵਰਕ ਨੂੰ ਜੋੜਿਆ ਜਾ ਸਕੇ।