ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ
- ਸ਼ਾਮ ਤੱਕ ਗੱਲਬਾਤ ਲਈ ਨਾ ਬੁਲਾਇਆ ਤਾਂ ਸਖ਼ਤ ਐਕਸ਼ਨ ਦਾ ਐਲਾਨ ਕਰਨ ਦੀ ਚੇਤਾਵਨੀ
Farmers’ protest at Chandigarh-Mohali border: ਚੰਡੀਗੜ੍ਹ: ਸੈਕਟਰ-48 ਨੇੜੇ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਦੇ ਮੋਰਚੇ ਵਿੱਚ ਪਹੁੰਚਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਅੱਜ ਸ਼ਾਮ ਤੱਕ ਉਨ੍ਹਾਂ ਨੂੰ ਗੱਲਬਾਤ ਲਈ ਨਹੀਂ ਬੁਲਾਇਆ ਜਾਂਦਾ ਤਾਂ ਉਹ ਆਪਣੀ ਮੀਟਿੰਗ ਕਰਕੇ ਅਗਲੇ ਸਖ਼ਤ ਐਕਸ਼ਨ ਦਾ ਐਲਾਨ ਕਰਨਗੇ।
ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਅੰਦੋਲਨ ਸਿਰਫ਼ ਸੱਤ ਦਿਨਾਂ ਤੱਕ ਸੀਮਤ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਮੋਰਚੇ ’ਤੇ ਡਟੇ ਰਹਿਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਇੱਥੇ ਸਿਰਫ਼ ਖਾਣਾ ਖਾਣ ਲਈ ਨਹੀਂ ਬੈਠੇ, ਸਗੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੱਕਾ ਸੰਘਰਸ਼ ਕਰਨ ਆਏ ਹਨ।
