Farmer Meeting: ਕਿਸਾਨ ਪੰਜਾਬ ਸਰਕਾਰ ਵੱਲੋਂ ਹਰਿਆਣਾ-ਪੰਜਾਬ ਦੀ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਜ਼ਬਰਦਸਤੀ ਹਟਾਉਣ ‘ਤੇ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ 26 ਨੂੰ ਵਿਧਾਨ ਸਭਾ ਵੱਲ ਮਾਰਚ ਵੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਸਾਰੇ ਡੀ.ਸੀ. ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ 11 ਵਜੇ ਮੰਗ ਪੱਤਰ ਸੌਂਪਿਆ ਜਾਵੇਗਾ ਤੇ 24 ਮਾਰਚ ਨੂੰ ਸਾਰੀਆਂ ਜਥੇਬੰਦੀਆਂ ਦੀ ਇਕ ਮੀਟਿੰਗ ਹੋਵੇਗੀ।
ਉਗਰਾਹਾਂ ਜਥੇਬੰਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਿਵੇਂ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਕੇ ਵਾਪਸ ਆਉਂਦੇ ਕਿਸਾਨ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਸਰਹੱਦ ਤੋਂ ਮੋਰਚਾ ਖਾਲੀ ਕਰਵਾਇਆ ਗਿਆ। ਇਸ ਤੋਂ ਬਾਅਦ ਰੋਸ ਪ੍ਰਦਰਸ਼ਨ ਕਰਦੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਅਜਿਹੇ ਵਿੱਚ ਇਹ ਸਵਾਲ ਹੈ ਕਿ ਉਹ ਮੀਟਿੰਗ ਹੁਣ ਵਾਜ਼ਬ ਹੈ ਜਾਂ ਨਹੀਂ ?
ਉਗਰਾਹਾਂ ਨੇ ਕਿਹਾ ਕਿ ਬੇਸ਼ੱਕ ਕਿਸੇ ਮਸੇਲ ਦਾ ਹੱਲ ਮੀਟਿੰਗ ਤੋਂ ਬਗ਼ੈਰ ਤੋਂ ਨਹੀਂ ਹੋ ਸਕਦਾ ਹੈ, ਪਰ ਇੱਥੇ ਕਈ ਸਾਥੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਨੂੰ ਵੀ ਮੀਟਿੰਗ ਦੇ ਬਹਾਨੇ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਕੀ ਕੀਤਾ ਜਾਵੇ, ਇਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ ਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵੀ ਗੱਲ ਕੀਤੀ ਜਾਵੇਗੀ।