ਘਰੇਲੂ ਵਿਵਾਦ ‘ਚ ਪਿਤਾ ਦਾ ਕਤਲ, ਪੁੱਤ ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ਼
Valtoha Murder Case; ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਵਿੱਚ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਵਲਟੋਹਾ ਦੀ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਲੱਭਾ ਅਤੇ ਨੂੰਹ ਜਸਨ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਡ ਵਲਟੋਹਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਲੱਖਾ ਦਾ ਆਪਣੇ ਪੁੱਤਰ ਅਤੇ ਨੂੰਹ ਨਾਲ ਵਿਵਾਦ ਚੱਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਚੱਲ ਰਹੇ ਘਰੇਲੂ ਝਗੜੇ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਪੋਸਟਮਾਰਟਮ ਲਈ ਭੇਜੀ ਲਾਸ਼
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵਲਟੋਹਾ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਸਾਰੇ ਪਹਿਲੂਆਂ ਤੋਂ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਿੱਚ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।