ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਵਿੱਚ ਇੱਕ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ, ਜੋ 11ਵੀਂ ਜਮਾਤ ਦੀ ਵਿਦਿਆਰਥਣ ਸੀ।
ਮਿਲੀ ਜਾਣਕਾਰੀ ਅਨੁਸਾਰ, ਘਟਨਾ ਸਮੇਂ ਲੜਕੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਇਸ ਦੌਰਾਨ ਘਰ ਵਿੱਚ ਇਕੱਲੀ ਮੌਜੂਦ ਧੀ ’ਤੇ ਉਸ ਦੇ ਪਿਤਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਹਰਿਆਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਵਾਰਦਾਤ ਤੋਂ ਬਾਅਦ ਮੁਲਜ਼ਮ ਪਿਤਾ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ, ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।