Female DSP suspended: ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦਾ ਸਖ਼ਤ ਪ੍ਰਦਰਸ਼ਨ ਕਰਦੇ ਹੋਏ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀਏਡਬਲਯੂ) ਫਰੀਦਕੋਟ ਰਾਜਨ ਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਦੇ ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਐਸਐਸਪੀ ਫ਼ਰੀਦਕੋਟ ਨੂੰ ਡੀਐਸਪੀ ਰਾਜਨ ਪਾਲ ਖ਼ਿਲਾਫ਼ ਇੱਕ ਸ਼ਿਕਾਇਤ ਮਿਲੀ ਸੀ, ਜਿਸ ਵਿੱਚ ਪੀੜਤ ਧਿਰ ਨੇ ਉਸ ‘ਤੇ ਵਿਆਹੁਤਾ ਝਗੜੇ ਨੂੰ ਸੁਲਝਾਉਣ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਸੀ ਅਤੇ ਡੀਐਸਪੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀਐਸਪੀ ਰਾਜਨ ਪਾਲ ਨੇ ਆਪਣੇ ਖ਼ਿਲਾਫ਼ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਹੈ।
ਬੁਲਾਰੇ ਨੇ ਕਿਹਾ ਕਿ ਫ਼ਰੀਦਕੋਟ ਪੁਲੀਸ ਨੇ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮੁਲਜ਼ਮ ਡੀਐਸਪੀ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਅਧਿਕਾਰੀ ਖ਼ਿਲਾਫ਼ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਤਹਿਤ ਸਖ਼ਤ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਬੁਲਾਰੇ ਨੇ ਕਿਹਾ, “ਪੰਜਾਬ ਸਰਕਾਰ ਪੁਲਿਸ ਫੋਰਸ ਵਿੱਚ ਇਮਾਨਦਾਰੀ ਅਤੇ ਜਵਾਬਦੇਹੀ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਸਖ਼ਤ ਕਾਨੂੰਨੀ ਅਤੇ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।”
ਇਸ ਸਬੰਧ ਵਿੱਚ, ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 8 ਅਧੀਨ ਥਾਣਾ ਸਿਟੀ ਫਰੀਦਕੋਟ ਵਿਖੇ ਐਫਆਈਆਰ ਨੰਬਰ 289 ਮਿਤੀ 04-07-2025 ਦਰਜ ਕੀਤੀ ਗਈ ਹੈ।