ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR
ਮਾਨਸਾ: ਮਾਨਸਾ ਵਿੱਚ ਮ੍ਰਿਤਕ ਦੀ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਦਾ ਦੋਸ਼ ਹੈ ਕਿ 30 ਤੋਂ 40 ਹਥਿਆਰਬੰਦ ਵਿਅਕਤੀਆਂ ਦੀ ਭੀੜ ਲਾਸ਼ ਖੋਹ ਕੇ ਲੈ ਗਈ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਲੋਹੇ ਦੀ ਰਾਡ ਮਾਰ ਕੇ ਇੱਕ ਪੁਲਿਸ ਮੁਲਾਜ਼ਮ ਦਾ ਸਿਰ ਫੱਟਣ ਦਾ ਦੋਸ਼ ਹੈ।
ਦੂਜੇ ਪਾਸੇ, ਪ੍ਰਦਰਸ਼ਨਕਾਰੀਆਂ ਅਤੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ’ਤੇ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲੈਣ ਦੇ ਦੋਸ਼ ਲਗਾਏ ਹਨ। ਪਰਿਵਾਰ ਲਾਸ਼ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਸਮਰਥਨ ਵਿੱਚ ਚੱਲ ਰਹੇ ਧਰਨੇ ਵਾਲੀ ਥਾਂ ’ਤੇ ਲਿਜਾਣਾ ਚਾਹੁੰਦਾ ਸੀ।
ਪਰਿਵਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ
ਮ੍ਰਿਤਕ ਦਲਜੀਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਮੌਤ ਨਸ਼ੇ ਕਾਰਨ ਹੋਈ ਹੈ। ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡਾਂ ਵਿੱਚ ਨਸ਼ਾ ਆਸਾਨੀ ਨਾਲ ਉਪਲਬਧ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਇਸ ਮਾਮਲੇ ਵਿੱਚ ਫੜੇ ਗਏ ਲੋਕਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਹ ਲਾਸ਼ ਲੈ ਕੇ ਆਏ ਸਨ ਤਾਂ ਸਾਰੇ ਲੋਕ ਉਨ੍ਹਾਂ ਦੇ ਨਾਲ ਸਨ, ਪਰ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਕੁਝ ਲੋਕਾਂ ਨੂੰ ਚੁੱਕ ਲਿਆ ਗਿਆ। ਪਰਮਜੀਤ ਕੌਰ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਤੋਂ ਲਾਸ਼ ਖੋਹੀ। ਇਸ ਤਰ੍ਹਾਂ ਘਟਨਾ ਨੂੰ ਲੈ ਕੇ ਪੁਲਿਸ ਅਤੇ ਮ੍ਰਿਤਕ ਦੇ ਪਰਿਵਾਰ ਦੇ ਵੱਖੋ-ਵੱਖਰੇ ਦਾਅਵੇ ਸਾਹਮਣੇ ਆਏ ਹਨ।