ਮੋਹਾਲੀ ’ਚ ਕਾਂਗਰਸੀ ਆਗੂ ਦੇ ਘਰ ’ਤੇ ਹੋਈ ਫਾਇਰਿੰਗ
Firing at Congress leader’s house in Mohali; ਮੋਹਾਲੀ: ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਕਾਂਗਰਸ ਦੇ ਸਾਬਕਾ ਕੌਂਸਲਰ ਨੀਟੂ ਚੌਧਰੀ ਦੇ ਘਰ ’ਤੇ ਫਾਇਰਿੰਗ ਕੀਤੀ ਗਈ। ਪਰਿਵਾਰ ਮੁਤਾਬਕ, ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਘਰ ’ਤੇ ਕਰੀਬ 8 ਰਾਊਂਡ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਰਾਤ ਕਰੀਬ ਢਾਈ ਵਜੇ ਦੀ ਦੱਸੀ ਜਾ ਰਹੀ ਹੈ। ਗੋਲੀਆਂ ਦੇ ਨਿਸ਼ਾਨ ਘਰ ਦੀਆਂ ਕੰਧਾਂ ਅਤੇ ਮੁੱਖ ਗੇਟ ’ਤੇ ਮਿਲੇ ਹਨ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਜਦੋਂ ਬਾਹਰ ਆ ਕੇ ਹਮਲਾਵਰਾਂ ਨੂੰ ਦੇਖਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ’ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਲੰਮੇ ਸਮੇਂ ਤੋਂ ਗੈਂਗਸਟਰ ਡੋਨੀ ਬਲ ਦੇ ਗੈਂਗ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਹਾਲਾਂਕਿ, ਹੁਣ ਤੱਕ ਕਿਸੇ ਵੀ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਸੂਚਨਾ ਮਿਲਣ ’ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਗੋਲੀਆਂ ਦੇ ਖੋਲ ਜਾਂਚ ਲਈ ਭੇਜੇ ਗਏ ਹਨ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
