ਜ਼ਮੀਨੀ ਵਿਵਾਦ ਨੂੰ ਲੈ ਕੇ ਫਿਰੋਜ਼ਪੁਰ ‘ਚ ਚਲੀਆਂ ਗੋਲੀਆਂ, ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ
Punjab News: ਫਿਰੋਜ਼ਪੁਰ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਛੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Firing in Ferozepur: ਫਿਰੋਜ਼ਪੁਰ ਦੇ ਨਾਲ ਲੱਗਦੇ ਪਿੰਡ ਅਲਫੂਕੇ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੱਲ੍ਹ ਦੇਰ ਸ਼ਾਮ ਇੱਕ ਧਿਰ ਨੇ ਦੂਜੀ ਧਿਰ ‘ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 25 ਸਾਲਾਂ ਗੁਰਵਿੰਦਰ ਸਿੰਘ ਨੂੰ ਗੋਲੀ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ‘ਚ ਗੁਰਵਿੰਦਰ ਨੂੰ ਫਿਰੋਜ਼ਪੁਰ ਦੇ ਅਨਿਲ ਬਾਗੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕੀਤਾ ਗਿਆ।
ਅੱਜ ਸਵੇਰੇ ਉਸ ਦੀ ਇਲਾਜ ਦੌਰਾਨ ਲੁਧਿਆਣਾ ਦੇ ਨਿੱਜੀ ਹਸਪਤਾਲ ‘ਚ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ ਪੁਲਿਸ ਨੇ ਛੇ ਲੋਕਾਂ ‘ਤੇ ਕਤਲ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਗੁਰਵਿੰਦਰ ਸਿੰਘ ਦੇ ਨਾਲ ਮੌਕੇ ‘ਤੇ ਪਹੁੰਚੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਛੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਆਖਰਕਾਰ ਗੋਲੀਆਂ ਚੱਲਣ ਦਾ ਅਸਲ ਕਾਰਨ ਕੀ ਰਿਹਾ ਅਤੇ ਕਿੰਨ੍ਹਾਂ ਕਾਰਨਾਂ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।