Breaking News: ਫਗਵਾੜਾ ਨੇੜੇ ਪਿੰਡ ਗੰਢਵਾ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਾਸੀ ਪਿੰਡ ਗੰਢਵਾ ਵਜੋਂ ਹੋਈ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਢਵਾ ਦਾ ਰਹਿਣ ਵਾਲਾ ਨਵਜੋਤ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸਤਨਾਮਪੁਰਾ ਥਾਣਾ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਅਸ਼ੀਸ਼ ਜੇਟਲੀ ਨੇ ਦੱਸਿਆ ਕਿ ਡਿਊਟੀ ਦੌਰਾਨ ਪਿੰਡ ਗੰਢਵਾ ਦੇ ਨੌਜਵਾਨ ਦੀ ਲਾਸ਼ ਥਾਣਾ ਸਤਨਾਮਪੁਰਾ ਦੇ ਏਐਸਆਈ ਮਨਜੀਤ ਸਿੰਘ ਲੈ ਕੇ ਆਏ ਸਨ। ਪੁਲਿਸ ਅਨੁਸਾਰ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਮਾਮਲੇ ਵਿੱਚ ਅਗਲੇਰੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।