ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ‘ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਪਹਿਲੇ ਪ੍ਰਕਾਸ਼ ਗੁਰਪੁਰਬ ‘ਤੇ ਵਿਸ਼ੇਸ਼…
Guru Granth Sahib Prakash Purab 2025: ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਸੰਸਾਰ ਦੇ ਇੱਕੋ-ਇੱਕ ਸ਼ਬਦ ਸਰੂਪ ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ, ਜਿਹਨਾਂ ਦਾ ਪਹਿਲਾ ਪ੍ਰਕਾਸ਼ ਪੁਰਬ ਇਸ ਸਾਲ 24 ਅਗਸਤ ਨੂੰ ਸੰਸਾਰ ਭਰ ‘ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ।
“ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ” ਗੁਰਬਾਣੀ, ਭਾਵ ਗੁਰੂ ਦੀ ਰਸਨਾ ਤੋਂ ਨਿਕਲੀ ਬਾਣੀ ਅਤੇ ਬਾਣੀ ਤੋਂ ਭਾਵ ਉਸ ਸੱਚ ਤੋਂ ਹੈ ਜੋ ਮਨੁੱਖ ਨੂੰ ਦੁਨੀਆ ਵਿੱਚ ਸੇਵ ਕਮਾਉਣ ਲਈ ਉਤਸ਼ਾਹਿਤ ਕਰਦਿਆਂ ਸੱਚ ਨਾਲ ਇਕਮਿਕ ਹੋਣ ਦਾ ਮਾਰਗ ਦੱਸਦਾ ਹੈ। ਇਹ ਗੱਲ ਵੱਖਰੀ ਹੈ ਕਿ ਮਨੁੱਖ ਉਸ ਸੱਚ ਨੂੰ ਸਮਝਦਿਆਂ ਉਸ ਨੂੰ ਅਪਣਾਉਣ ਦਾ ਯਤਨ ਕਰਦਾ ਹੈ ਜਾਂ ਨਹੀਂ। ਦੁਨੀਆ ਦੇ ਇਤਿਹਾਸ ਵਿੱਚ ਵੱਖ-ਵੱਖ ਧਰਮ ਗ੍ਰੰਥਾਂ ਵਿੱਚ ਇਸ ਤਰ੍ਹਾਂ ਦਾ ਤਾਂ ਹਵਾਲਾ ਮਿਲਦਾ ਹੀ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਉਸ ਅਕਾਲੀ ਸੱਚ ਨੂੰ ਜਿੱਥੇ ਮਨੁੱਖ ਦੀ ਸਮਝ ਦੇ ਪੱਧਰ ‘ਤੇ ਬਿਆਨਦੀ ਹੈ, ਉੱਥੇ ਮਨੁੱਖ ਨੂੰ ਉਸ ਢੰਗ ਨਾਲ ਜਿਊਣ ਦਾ ਅਹਿਸਾਸ ਵੀ ਦਿੰਦੀ ਹੈ। ਗੁਰ ਫੁਰਮਾਨ ਹੈ: “ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥”
ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜਿੱਥੇ ਪੰਜ-ਛੇ ਸਦੀਆਂ ਦਾ ਧਾਰਮਿਕ ਅਨੁਭਵ ਸਮਾਇਆ ਹੈ, ਉੱਥੇ ਰਾਜਨੀਤਕ, ਸਮਾਜਿਕ, ਆਰਥਿਕ ਅਤੇ ਧਾਰਮਿਕ ਪ੍ਰੰਪਰਾਵਾਂ ਦਾ ਚਿੰਤਨ ਵੀ ਪ੍ਰਾਪਤ ਹੈ । ਪਾਵਨ ਗੁਰਬਾਣੀ ਦੀ ਰਚਨਾ ਕਰਦਿਆਂ, ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਿਆਨ ਚਰਚਾਵਾਂ ਰਾਹੀਂ ਜਿੱਥੇ ਅਧਿਆਤਮਕ ਸਾਂਝਾਂ ਨੂੰ ਸੰਜੋਇਆ ਹੈ, ਉੱਥੇ ਦੂਸਰੇ ਗੁਰਦੇਵ ਸ੍ਰੀ ਗੁਰੂ ਅੰਗਦ ਦੇਵ ਜੀ, ਤੀਸਰੇ ਗੁਰਦੇਵ ਸ੍ਰੀ ਗੁਰੂ ਅਮਰਦਾਸ ਜੀ, ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੇ ਬਾਣੀ ਉਚਾਰਦਿਆਂ ਮਨੁੱਖਤਾ ਨੂੰ ਕਲਿਆਣਕਾਰੀ ਜੀਵਨ ਰਾਹ ਪ੍ਰਦਾਨ ਕੀਤੀ।

ਗੁਰਦੇਵ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮੁੱਚੀ ਬਾਣੀ ਨੂੰ 30 ਰਾਗਾਂ ਵਿੱਚ ਤਰਤੀਬ ਕੀਤਾ
ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਲੱਖਣਤਾ ਹੈ ਕਿ ਇਹਨਾਂ ਦੇ 1430 ਅੰਗਾਂ ‘ਤੇ ਪ੍ਰਭੂ ਭਗਤੀ ਤੇ ਨਾਮ ਸਿਮਰਨ, ਭਾਵ ਅਧਿਆਤਮ ਦੇ ਨਾਲ-ਨਾਲ ਸੰਸਾਰਿਕ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਵੀ ਬਰਾਬਰ ਅਹਿਮੀਅਤ ਦਿੱਤੀ ਗਈ ਹੈ। ਪੰਚਮ ਗੁਰਦੇਵ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮੁੱਚੀ ਬਾਣੀ ਨੂੰ 30 ਰਾਗਾਂ ਵਿੱਚ ਤਰਤੀਬ ਦਿੰਦਿਆਂ, 52 ਸਿਰਲੇਖ ਦੇ ਕੇ ਕ੍ਰਮਬੱਧ ਕੀਤਾ ਅਤੇ ਫੇਰ ਭਗਤ ਬਾਣੀ, ਭੱਟ ਬਾਣੀ, ਗੁਰਸਿਖਾਂ ਦੀ ਬਾਣੀ ਨੂੰ ਵੀ ਦਰਜ ਕਰਦਿਆਂ ਸ੍ਰੀ ਆਦਿ ਗ੍ਰੰਥ ਦੇ ਰੂਪ ਵਿੱਚ ਸੰਕਲਿਤ ਕੀਤਾ । ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਆਦਿ ਗ੍ਰੰਥ ਜੀ ਦੀ ਲਿਖਾਈ ਦੀ ਸੇਵਾ ਭਾਈ ਗੁਰਦਾਸ ਜੀ ਪਾਸੋਂ ਲੈ ਕੇ ਇਤਿਹਾਸਕ ਰੂਪ ਵਿੱਚ ਮਨੁੱਖਤਾ ਨੂੰ ਗਿਆਨ ਪ੍ਰਬੋਧ ਵਿੱਚ ਪਰਬੀਨ ਹੋਣ ਦੀ ਵੀ ਪ੍ਰੇਰਣਾ ਦਿੱਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਾਹਿਬਾਨ, 11 ਭੱਟਾਂ, 15 ਭਗਤਾਂ ਅਤੇ 4 ਗੁਰਸਿੱਖਾਂ ਦੀ ਬਾਣੀ ਦਰਜ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਲਈ ਸਿਰਫ਼ ਇੱਕ ਧਰਮ ਗ੍ਰੰਥ ਨਹੀਂ ਹੈ ਬਲਕਿ ਜਾਗਤ ਜੋਤ ਗੁਰੂ ਹਨ। ਸਿੱਖਾਂ ਦੇ ਹਿਰਦਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਵਿਸ਼ੇਸ਼ ਸ਼ਰਧਾ, ਉੱਚਾ-ਸੁੱਚਾ ਸਤਿਕਾਰ ਅਤੇ ਡੂੰਘਾ ਅਹਿਸਾਸ ਤੇ ਮਹੱਤਵ ਹੈ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਲਿਖਤ ਰੂਪ ਅਤੇ ਸੰਭਾਲਣ ਦੀ ਪਰੰਪਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਆਰੰਭ ਹੋ ਗਈ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਾਵਨ ਬਚਨ ਇੱਕ ਪੋਥੀ ਵਿੱਚ ਲਿਖੇ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਗੁਰਿਆਈ ਦੇਣ ਸਮੇਂ ਗੁਰੂ ਜੀ ਨੇ ਇਕੱਤਰ ਕੀਤੀ ਹੋਈ ਪਾਵਨ ਬਾਣੀ ਦੀ ਪੋਥੀ ਵੀ ਉਨ੍ਹਾਂ ਨੂੰ ਦਿੱਤੀ ਸੀ। ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਤੱਕ ਬਾਣੀ ਨੂੰ ਪੋਥੀਆਂ ਵਿੱਚ ਅੰਕਿਤ ਕੀਤਾ ਜਾਣ ਲੱਗਾ। ਇਸ ਤੋਂ ਬਾਅਦ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨਾਂ, ਭਗਤਾਂ, ਭੱਟਾਂ ਤੇ ਗੁਰਸਿੱਖਾਂ ਦੀ ਬਾਣੀ ਨੂੰ ਇਕੱਠੀ ਕਰਕੇ ਗੁਰਬਾਣੀ ਦਾ ਪ੍ਰਮਾਣਿਕ ਗ੍ਰੰਥ ਤਿਆਰ ਕਰਨ ਦਾ ਫ਼ੈਸਲਾ ਲਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕੰਮ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸੰਪੂਰਨ ਕੀਤਾ ਗਿਆ। 1599 ਈ: ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕਾਰਜ ਆਰੰਭ ਹੋਇਆ। ਇਸ ਪਵਿੱਤਰ ਗ੍ਰੰਥ ਨੂੰ ਲਿਖਣ ਦਾ ਮਾਣ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ। ਸੰਤ ਦਾਸ ਜੀ, ਹਰੀਆ ਜੀ, ਸੁੱਖਾ ਜੀ, ਮਨਸਾ ਰਾਮ ਜੀ ਨੇ ਭਾਈ ਗੁਰਦਾਸ ਜੀ ਦੇ ਸਹਾਇਕ ਲਿਖਾਰੀ ਵਜੋਂ ਸੇਵਾ ਨਿਭਾਈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੀ ਸੇਵਾ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ‘ਤੇ ਕੀਤੀ ਗਈ।
1604 ਈ: ਨੂੰ ਇਸ ਕਾਰਜ ਦੀ ਸੰਪੂਰਨਤਾ ਹੋਈ। ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ 1 ਸਤੰਬਰ, 1604 ਈ: ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਕੀਤਾ ਗਿਆ। ਉਸ ਵੇਲੇ 95 ਸਾਲ ਦੇ ਗੁਰਸਿੱਖ ਬਾਬਾ ਬੁੱਢਾ ਜੀ ਨੂੰ ਸ੍ਰੀ ਆਦਿ ਗ੍ਰੰਥ ਸਾਹਿਬ ਦੇ ਪਹਿਲੇ ਗ੍ਰੰਥੀ ਥਾਪਿਆ ਗਿਆ। ਜਦੋਂ ਪ੍ਰਕਾਸ਼ ਕੀਤਾ ਗਿਆ ਤਾਂ ਸਭ ਤੋਂ ਪਹਿਲਾ ਹੁਕਮਨਾਮਾ ਆਇਆ:
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ।।
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ।।
ਇਸ ਤੋਂ ਬਾਅਦ 1706 ਈ: ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਗੁਰੂ ਕੀ ਕਾਂਸ਼ੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਿਲ ਕੀਤਾ ਅਤੇ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਦਾ ਪ੍ਰਮਾਣਿਕ ਤੇ ਸੰਪੂਰਨ ਰੂਪ ਤਿਆਰ ਕੀਤਾ। ਇਸ ਬੀੜ ਨੂੰ ਲਿਖਣ ਦੀ ਸੇਵਾ ਭਾਈ ਮਨੀ ਸਿੰਘ ਜੀ ਨੇ ਕੀਤੀ। ਇਸਨੂੰ ਦਮਦਮੀ ਬੀੜ ਦਾ ਨਾਮ ਦਿੱਤਾ ਗਿਆ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1708 ਈ: ਨੂੰ ਤਖ਼ਤ ਸ਼੍ਰੀ ਹਜ਼ੂਰ ਸਾਹਿਬ, ਅਬਚਲ ਨਗਰ, ਨਾਂਦੇੜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਦੀ ਪਦਵੀ ਦੇ ਦਿੱਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਆਪਣਾ ਸੀਸ ਨਿਵਾਇਆ। ਗੁਰੂ ਜੀ ਨੇ ਸੰਗਤ ਅੱਗੇ ਐਲਾਨ ਕੀਤਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਿੱਖਾਂ ਦੇ ਅਗਲੇ ਗੁਰੂ ਹਨ।
ਸਮੁੱਚੇ ਗ੍ਰੰਥ ਨੂੰ 31 ਰਾਗਾਂ ਦੀ ਤਰਤੀਬ ਦੇ ਅਨੁਸਾਰ ਸੰਪਾਦਿਤ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭ ਵਿੱਚ ਨਿੱਤਨੇਮ ਦੀਆਂ ਬਾਣੀਆਂ ਜਪੁ ਜੀ, ਸੋ ਦਰੁ ਦੇ ਪੰਜ ਸ਼ਬਦ, ਸੋ ਪੁਰਖ ਦੇ ਚਾਰ ਸ਼ਬਦ ਅਤੇ ਸੋਹਿਲਾ ਸਾਹਿਬ ਜੀ ਦੇ ਪੰਜ ਸ਼ਬਦ ਅੰਕਿਤ ਹਨ। ਇਸ ਤੋਂ ਉਪਰੰਤ ਰਾਗ ਬੱਧ ਬਾਣੀ ਦਾ ਆਰੰਭ ਹੁੰਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਰਦਾਨਾ ਜੀ ਨੂੰ ਬਾਣੀ ਰਾਗ ਦੇ ਅਨੁਸਾਰ ਗਾਉਣ ਦਾ ਉਪਦੇਸ਼ ਦਿੱਤਾ ਸੀ। ਗੁਰੂ ਸਾਹਿਬਾਨਾਂ ਨੇ ਬਾਣੀ ਨੂੰ ਸੁਰਤਾਲ ਵਿੱਚ ਗਾਉਣ ਦਾ ਉਪਦੇਸ਼ ਦਿੱਤਾ ਹੈ। ਹਰ ਗੁਰਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਜੀਵਨ ਸਫਲਾ ਬਣਾਉਣ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਲਈ ਸਿਰਫ਼ ਧਰਮ ਗ੍ਰੰਥ ਹੀ ਨਹੀਂ ਬਲਕਿ ਚਵਰ ਤਖ਼ਤਾਂ ਦੇ ਮਾਲਿਕ, ਦਸ ਪਾਤਸ਼ਾਹੀਆਂ ਦੀ ਜਾਗਦੀ ਜੋਤ ਗੁਰ-ਗੱਦੀ ‘ਤੇ ਬਿਰਾਜਮਾਨ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਸਾਰੀ ਮਨੁੱਖਤਾ ਦੇ ਲਈ ਸਾਂਝਾ ਉਪਦੇਸ਼ ਹੈ।