ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਪਤਨੀ ਦਾ ਬਿਆਨ ਆਇਆ ਸਾਹਮਣੇ, ਕਿਹਾ- ਵਿਰੋਧੀ ਧਿਰ ‘ਤੇ ਘਟੀਆ ਰਾਜਨੀਤੀ ਦੇ ਇਲਜ਼ਾਮ…
Punjab political controversy; ਸਾਬਕਾ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸੁਰਿੰਦਰ ਪਾਲ ਕੌਰ ਵੀ ਮੌਜੂਦ ਰਹੀ। ਅਦਾਲਤ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਪਾਲ ਕੌਰ ਭੁੱਲਰ ਨੇ ਆਪਣੇ ਪਤੀ ਖਿਲਾਫ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਅਤੇ ਇਸਨੂੰ ਇਕ ਗਹਿਰੀ ਸਾਜ਼ਿਸ਼ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਪੂਰੀ ਤਰ੍ਹਾਂ ਬੇਗੁਨਾਹ ਹਨ ਅਤੇ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਸੁਰਿੰਦਰ ਪਾਲ ਕੌਰ ਨੇ ਦੋਸ਼ ਲਗਾਇਆ ਕਿ ਇਹ ਸਭ ਵਿਰੋਧੀ ਪਾਰਟੀਆਂ ਵੱਲੋਂ ਰਚੀ ਗਈ ਸਸਤੀ ਅਤੇ ਘਟੀਆ ਰਾਜਨੀਤੀ ਦਾ ਹਿੱਸਾ ਹੈ, ਜਿਸਦਾ ਮਕਸਦ ਸਿਰਫ ਭੁੱਲਰ ਦੀ ਛਵੀ ਨੂੰ ਖਰਾਬ ਕਰਨਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸੱਚਾਈ ਜਲਦੀ ਸਾਹਮਣੇ ਆਵੇਗੀ ਅਤੇ ਭੁੱਲਰ ਸਾਫ-ਸੁਥਰੇ ਢੰਗ ਨਾਲ ਦੁਬਾਰਾ ਲੋਕਾਂ ਦੇ ਸਾਹਮਣੇ ਆਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਆਪਣੇ ਚਾਰ ਸਾਲਾਂ ਦੇ ਮੰਤਰੀ ਕਾਲ ਦੌਰਾਨ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਈ ਅਤੇ ਹਮੇਸ਼ਾ ਇਮਾਨਦਾਰੀ ਨਾਲ ਕੰਮ ਕੀਤਾ। ਉਨ੍ਹਾਂ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਹਾਰ ਬਾਰੇ ਪੁੱਛਿਆ ਜਾ ਸਕਦਾ ਹੈ। ਭੁੱਲਰ ਹਰ ਛੋਟੇ-ਵੱਡੇ ਅਧਿਕਾਰੀ ਨੂੰ ਸਤਿਕਾਰ ਦਿੰਦੇ ਸਨ ਅਤੇ ਸਭ ਨਾਲ ਆਦਰ ਨਾਲ ਪੇਸ਼ ਆਉਂਦੇ ਸਨ।
ਸੁਰਿੰਦਰ ਪਾਲ ਕੌਰ ਨੇ ਵਿਰੋਧੀ ਨੇਤਾਵਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਨਿਆਂ ਦੇ ਹੱਕ ਵਿੱਚ ਹਨ, ਤਾਂ ਉਨ੍ਹਾਂ ਨੂੰ ਹੋਰ ਮਾਮਲਿਆਂ ਵਿੱਚ ਵੀ ਆਵਾਜ਼ ਉਠਾਉਣੀ ਚਾਹੀਦੀ ਸੀ। ਉਨ੍ਹਾਂ ਕਈ ਪੁਰਾਣੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਸਵਾਲ ਉਠਾਇਆ ਕਿ ਉਨ੍ਹਾਂ ਵਿੱਚ ਜ਼ਿੰਮੇਵਾਰ ਲੋਕਾਂ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਇਕ ਪੱਖ ਦੀ ਗੱਲ ਸੁਣ ਕੇ ਦੂਜੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਅਜੇ ਮਾਮਲੇ ਦੀ ਪੂਰੀ ਜਾਂਚ ਅਦਾਲਤ ਵੱਲੋਂ ਹੋਣੀ ਬਾਕੀ ਹੈ ਅਤੇ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਦੱਸਿਆ ਕਿ ਭੁੱਲਰ ਨੇ ਖੁਦ ਅੱਗੇ ਆ ਕੇ ਮੰਡੀ ਗੋਬਿੰਦਗੜ੍ਹ ਥਾਣੇ ਵਿੱਚ ਪੇਸ਼ ਹੋ ਕੇ ਆਪਣੀ ਗ੍ਰਿਫਤਾਰੀ ਦਿੱਤੀ, ਜੋ ਉਨ੍ਹਾਂ ਦੀ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਸਿਰਫ ਰਾਜਨੀਤਿਕ ਸਾਜ਼ਿਸ਼ ਹੈ, ਪਰ ਸੱਚਾਈ ਨੂੰ ਲੰਮਾ ਸਮਾਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਨੂੰ ਉਮੀਦ ਹੈ ਕਿ ਨਿਆਂ ਜ਼ਰੂਰ ਮਿਲੇਗਾ ਅਤੇ ਭੁੱਲਰ ਜਲਦੀ ਬੇਦਾਗ ਸਾਬਤ ਹੋ ਕੇ ਵਾਪਸ ਲੋਕਾਂ ਵਿੱਚ ਆਉਣਗੇ।