Former Sarpanch Akali Dal Murder : ਪੰਜਾਬ ’ਚ ਇਸ ਸਮੇਂ ਹਾਲਾਤ ਬਦਲ ਤੋਂ ਬੱਦਤਰ ਹੁੰਦੇ ਜਾ ਰਹੇ ਹਨ। ਆਏ ਦਿਨ ਕਤਲ, ਲੁਟਖੋਹ ਦੀਆਂ ਵਾਰਦਾਤਾਂ ਕਾਰਨ ਸੂਬੇ ਦਾ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਪਈ ਹੈ। ਬੀਤੇ ਦਿਨ ਹੀ ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਅਤੇ ਅੱਜ ਮੁੜ ਤੋਂ ਇੱਕ ਹੋਰ ਕਤਲ ਨਾਲ ਜੁੜੀ ਵਾਰਦਾਤ ਸਾਹਮਣੇ ਆਈ। ਹੁਣ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ’ਚ ਇੱਕ ਵਿਅਕਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਹੈ। ਮੁਲਜ਼ਮ ਵੱਲੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸ ਦਈਏ ਕਿ ਮੁਲਜ਼ਮ ਗੁਆਂਢ ’ਚ ਆਪਣੇ ਸਹੁਰਿਆਂ ਘਰ ਰਹਿ ਰਿਹਾ ਸੀ। ਜਿਸ ਨੇ ਪੁਰਾਣੀ ਰੰਜਿਸ਼ ਦੇ ਤਹਿਤ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਜਿਸ ’ਚ ਗੋਲੀਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋਣ ’ਚ ਕਾਮਯਾਬ ਹੋ ਗਿਆ।
ਕਾਬਿਲੇਗੌਰ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਇਸ ਕਦਰ ਵਿਗੜ ਚੁੱਕੀ ਹੈ ਕਿ ਖੌਫਨਾਕ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਤੋਂ ਅੰਜਾਮ ਦਿੱਤਾ ਜਾ ਰਿਹਾ ਹੈ। ਬੀਤੇ ਦਿਨ ਅਬੋਹਰ ’ਚ ਕਪੜਾ ਵਪਾਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਪਰ ਪੁਲਿਸ ਪ੍ਰਸ਼ਾਸਨ ਅਤੇ ਮਾਨ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।