ਖੰਨਾ ਥਾਣਾ ਕਾਂਡ ’ਚ ਸਾਬਕਾ SHO ਬਲਜਿੰਦਰ ਸਿੰਘ ਦੋਸ਼ੀ ਕਰਾਰ, 3 ਸਾਲ ਦੀ ਸਜ਼ਾ
Khanna Police Custodial Torture Case; ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਅਤੇ ਖੰਨਾ ਸਦਰ ਥਾਣੇ ਦੇ ਸਾਬਕਾ SHO ਬਲਜਿੰਦਰ ਸਿੰਘ ਨੂੰ ਇੱਕ ਗੰਭੀਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2019 ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸਦੇ ਪੁੱਤਰ ਅਤੇ ਇੱਕ ਹੋਰ ਸਾਥੀ ਨੂੰ ਥਾਣੇ ਵਿੱਚ ਨੰਗਾ ਕਰਕੇ ਕੁੱਟਮਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਨਾਲ ਜੁੜਿਆ ਹੋਇਆ ਹੈ।
ਇਹ ਘਟਨਾ ਜੂਨ 2019 ਦੀ ਹੈ। ਦੋਸ਼ ਸੀ ਕਿ ਤਤਕਾਲੀ SHO ਬਲਜਿੰਦਰ ਸਿੰਘ ਨੇ ਆਪਣੇ ਦਫ਼ਤਰ ਵਿੱਚ ਤਿੰਨਾਂ ਵਿਅਕਤੀਆਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ, ਉਨ੍ਹਾਂ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਇਸ ਦੀ ਵੀਡੀਓ ਵੀ ਬਣਾਈ।
ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋਏ ਅਤੇ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ।
ਹਾਈ ਕੋਰਟ ਦੇ ਦਖਲ ਤੋਂ ਬਾਅਦ ਬਣੀ ਸੀ SIT
ਪੀੜਤ ਪਰਿਵਾਰ ਵੱਲੋਂ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਗਿਆ। ਹਾਈ ਕੋਰਟ ਦੇ ਦਖਲ ਤੋਂ ਬਾਅਦ ADGP ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ।
SIT ਦੀ ਜਾਂਚ ਤੋਂ ਬਾਅਦ ਸਾਲ 2020 ਵਿੱਚ ਖੰਨਾ ਸਿਟੀ ਥਾਣਾ-1 ਵਿੱਚ ਤਤਕਾਲੀ ਇੰਸਪੈਕਟਰ ਬਲਜਿੰਦਰ ਸਿੰਘ ਅਤੇ ਹਵਾਲਦਾਰ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਦੋਸ਼ੀਆਂ ’ਤੇ ਗੈਰਕਾਨੂੰਨੀ ਹਿਰਾਸਤ, ਕੁੱਟਮਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, SC-ST ਐਕਟ ਅਤੇ IT ਐਕਟ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੀੜਤ ਪੱਖ ਸਜ਼ਾ ਵਧਾਉਣ ਲਈ ਜਾਵੇਗਾ ਹਾਈ ਕੋਰਟ
ਪੀੜਤ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ 3 ਸਾਲ ਦੀ ਸਜ਼ਾ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਪੀੜਤ ਪੱਖ ਇਸ ਸਜ਼ਾ ਤੋਂ ਸੰਤੁਸ਼ਟ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਇੰਸਪੈਕਟਰ ਬਲਜਿੰਦਰ ਸਿੰਘ ਦੀ ਬਰਖਾਸਤਗੀ ਲਈ ਪੰਜਾਬ ਦੇ DGP ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਜ਼ਾ ਵਧਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਜਾਵੇਗੀ।
