ਨਾਲਾਗੜ੍ਹ ‘ਚ ਫਰਜ਼ੀ ਕੰਪਨੀਆਂ ਰਾਹੀਂ ਲੱਖਾਂ ਦੀ ਠੱਗੀ, ਦੂਜਾ ਮੁਲਜ਼ਮ ਕਾਬੂ
ਨਾਲਾਗੜ੍ਹ (ਪੱਤਰ ਪ੍ਰੇਰਕ): ਨਾਲਾਗੜ੍ਹ ਵਿੱਚ ਜਾਅਲੀ ਕੰਪਨੀਆਂ ਬਣਾ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਦੂਜੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਨਾਲਾਗੜ੍ਹ ਥਾਣੇ ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਦੋ ਵਿਅਕਤੀਆਂ ਨੇ ਮਿਲ ਕੇ ਫਰਜ਼ੀ ਕੰਪਨੀਆਂ ਬਣਾ ਕੇ ਲੋਕਾਂ ਨਾਲ ਠੱਗੀ ਮਾਰੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪਹਿਲਾਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦਕਿ ਦੂਜਾ ਮੁਲਜ਼ਮ ਫਰਾਰ ਸੀ।
ਹੁਣ ਫਰਾਰ ਮੁਲਜ਼ਮ ਨੂੰ ਜ਼ਿਲ੍ਹਾ ਊਨਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਨਾਲਾਗੜ੍ਹ ਦੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਫਿਲਹਾਲ ਪੁਲਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਮਾਮਲੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐਸ.ਪੀ ਬੱਦੀ ਅਸ਼ੋਕ ਵਰਮਾ ਨੇ ਦੱਸਿਆ ਕਿ ਦਸੰਬਰ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇੱਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਸੀ, ਹੁਣ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੀ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਅਜਿਹੀਆਂ ਧੋਖਾਧੜੀ ਦੀਆਂ ਵਾਰਦਾਤਾਂ ਨੂੰ ਕਿੱਥੇ-ਕਿੱਥੇ ਅੰਜਾਮ ਦਿੱਤਾ ਹੈ ਅਤੇ ਇਨ੍ਹਾਂ ਦੇ ਗਰੋਹ ਵਿੱਚ ਕੌਣ-ਕੌਣ ਲੋਕ ਸ਼ਾਮਲ ਹਨ।