ਦਿੱਲੀ ਦੇ ਕੈਫੇ ਵਿੱਚ 22 ਸਾਲਾ ਮੁਟਿਆਰ ਨਾਲ ਗੈਂਗਰੇਪ, 3 ਮੁਲਜ਼ਮ ਗ੍ਰਿਫ਼ਤਾਰ
- ਸ਼ਰਾਬ ਪਾਰਟੀ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਦਾ ਦੋਸ਼
- 4 ਹੋਰ ਮੁਲਜ਼ਮਾਂ ਦੀ ਭਾਲ ਜਾਰੀ
ਨਵੀਂ ਦਿੱਲੀ: ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ਵਿੱਚ ਇੱਕ ਕੈਫੇ ਅੰਦਰ ਦੇਰ ਰਾਤ ਹੋਈ ਪਾਰਟੀ ਤੋਂ ਬਾਅਦ 22 ਸਾਲਾ ਮੁਟਿਆਰ ਨਾਲ ਕਥਿਤ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਔਰਤਾਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 4 ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਇਹ ਘਟਨਾ ਸੋਮਵਾਰ ਰਾਤ ਦੀ ਦੱਸੀ ਜਾ ਰਹੀ ਹੈ। ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਸਥਿਤ ਕੈਫੇ ਵਿੱਚ 8 ਲੋਕ ਪਹੁੰਚੇ ਸਨ। ਕੈਫੇ ਰਾਤ 11:30 ਵਜੇ ਬੰਦ ਹੋ ਗਿਆ ਸੀ, ਪਰ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਕੋਲ ਕੈਫੇ ਦੀ ਚਾਬੀ ਹੋਣ ਕਾਰਨ ਇਸ ਨੂੰ ਮੁੜ ਖੋਲ੍ਹ ਲਿਆ ਗਿਆ।
ਇਸ ਤੋਂ ਬਾਅਦ ਕੈਫੇ ਅੰਦਰ ਸ਼ਰਾਬ ਦੀ ਪਾਰਟੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਤੜਕੇ ਕਰੀਬ 3:30 ਵਜੇ ਕੈਫੇ ਤੋਂ ਬਾਹਰ ਨਿਕਲੇ। ਦੋਸ਼ ਹੈ ਕਿ ਇਸ ਤੋਂ ਬਾਅਦ ਮੁਟਿਆਰ ਨਾਲ ਸਮੂਹਿਕ ਜਬਰ-ਜਨਾਹ ਕੀਤਾ ਗਿਆ।
ਕੈਫੇ ਦੀਆਂ ਮਹਿਲਾ ਕਰਮਚਾਰੀਆਂ ’ਤੇ ਵੀ ਦੋਸ਼
ਮਾਮਲੇ ਵਿੱਚ ਦਰਜ ਸ਼ਿਕਾਇਤ ਮੁਤਾਬਕ ਕੈਫੇ ਦੀਆਂ ਮਹਿਲਾ ਕਰਮਚਾਰੀਆਂ ਨੇ ਵੀ ਮੁਲਜ਼ਮਾਂ ਦੀ ਮਦਦ ਕੀਤੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਗੈਂਗਰੇਪ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ 4 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।