ਯਾਤਰੀਆਂ ਲਈ ਵੱਡੀ ਖ਼ਬਰ! ਪੰਜਾਬ ‘ਚ 3 ਦਿਨ ਸਰਕਾਰੀ ਬੱਸਾਂ ਰਹਿਣਗੀਆਂ ਬੰਦ, ਠੇਕਾ ਮੁਲਾਜ਼ਮਾਂ ਨੇ ਚੱਕਾ ਜਾਮ ਦੀ ਚੇਤਾਵਨੀ
Punjab Bus Strike; ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਸੂਬਾ ਸਰਕਾਰ ‘ਤੇ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਉਂਦਿਆਂ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ 3, 4 ਅਤੇ 5 ਅਗਸਤ ਨੂੰ ਤਿੰਨ ਦਿਨਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।
ਸੋਮਵਾਰ ਨੂੰ ਪੰਜਾਬ ਦੇ ਸਾਰੇ 27 ਡਿਪੂਆਂ ਦੇ ਗੇਟਾਂ ਅੱਗੇ ਯੂਨੀਅਨ ਵੱਲੋਂ ਰੋਸ ਰੈਲੀਆਂ ਕੱਢੀਆਂ ਗਈਆਂ। ਪਠਾਨਕੋਟ ਡਿਪੂ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਟਰਾਂਸਪੋਰਟ ਵਿਭਾਗ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਮੁੱਖ ਦੋਸ਼
ਸਰਕਾਰ ਨੇ ਵਾਅਦੇ ਪੂਰੇ ਨਹੀਂ ਕੀਤੇ
ਯੂਨੀਅਨ ਦੇ ਸਾਂਝੇ ਸਕੱਤਰ ਵਿਜੈ ਕੁਮਾਰ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਠੇਕਾ ਪ੍ਰਥਾ ਖ਼ਤਮ ਕਰਨ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇੱਕ ਵੀ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਕਰੀਬ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਦਿੱਤੇ ਗਏ। ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣੀ ਸਬ-ਕਮੇਟੀ ਨੂੰ ਵੀ ਚਾਰ ਸਾਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਠੇਕਾ ਪ੍ਰਥਾ ਤਹਿਤ ਮੁਲਾਜ਼ਮਾਂ ਦੇ EPF ਅਤੇ ESI ਨਾਲ ਜੁੜੇ ਮਾਮਲਿਆਂ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ।
800 ਤੋਂ ਵੱਧ ਬੱਸਾਂ ਖਰਾਬ, ਸੈਂਕੜੇ ਬੱਸਾਂ ਸਪੇਅਰ ਪਾਰਟਸ ਦੀ ਕਮੀ ਕਾਰਨ ਬੰਦ
ਯੂਨੀਅਨ ਦੇ ਡਿਪੂ ਸਰਪ੍ਰਸਤ ਦਵਿੰਦਰ ਸਿੰਘ ਲਾਲੀ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਕਰੀਬ 800 ਸਰਕਾਰੀ ਬੱਸਾਂ ਕਬਾੜ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਸਿਰਫ਼ ਪਠਾਨਕੋਟ ਡਿਪੂ ਦੀਆਂ ਹੀ ਕਰੀਬ 25 ਬੱਸਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਵੀ ਨਵੀਂ ਸਰਕਾਰੀ ਬੱਸ ਬੇੜੇ ਵਿੱਚ ਸ਼ਾਮਲ ਨਹੀਂ ਕੀਤੀ।
ਉਨ੍ਹਾਂ ਅਨੁਸਾਰ ਸਪੇਅਰ ਪਾਰਟਸ, ਟਾਇਰਾਂ ਅਤੇ ਬੈਟਰੀਆਂ ਦੀ ਘਾਟ ਕਾਰਨ ਲਗਭਗ 400 ਆਮ ਬੱਸਾਂ ਅਤੇ 35 ਵੋਲਵੋ ਬੱਸਾਂ ਡਿਪੂਆਂ ਵਿੱਚ ਖੜ੍ਹੀਆਂ ਹਨ।
ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼
ਯੂਨੀਅਨ ਨੇ ਦੋਸ਼ ਲਗਾਇਆ ਕਿ ਸਰਕਾਰੀ ਬੱਸਾਂ ਨੂੰ ਜਾਣਬੁੱਝ ਕੇ ਖੜ੍ਹਾ ਰੱਖ ਕੇ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਟਾਈਮ-ਟੇਬਲ ਵਿੱਚ ਹੇਰਾਫੇਰੀ ਕਰਕੇ ਵਿਭਾਗ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸੀਨੀਅਰ ਅਧਿਕਾਰੀਆਂ ਦੀ ਥਾਂ ਜੂਨੀਅਰ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ ਭਰਤੀਆਂ ਵਿੱਚ ਕਥਿਤ ਰਿਸ਼ਵਤਖੋਰੀ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਸਰਕਾਰ ਵੱਲੋਂ ਦਿੱਤੀ 10 ਦਿਨਾਂ ਦੀ ਮਿਆਦ ਵੀ ਹੋਈ ਖ਼ਤਮ
ਯੂਨੀਅਨ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ 24 ਜੂਨ ਦੀ ਮੀਟਿੰਗ ਵਿੱਚ ਸਰਕਾਰ ਨੇ 10 ਦਿਨਾਂ ਦਾ ਸਮਾਂ ਮੰਗਿਆ ਸੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਡਰਾਫਟ ਤਿਆਰ ਕਰਨ ਦਾ ਭਰੋਸਾ ਦਿੱਤਾ ਸੀ। ਨਾਲ ਹੀ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਦੀ ਸਮਾਂ ਸੀਮਾ ਤਿੰਨ ਸਾਲ ਕਰਨ ਦੀ ਗੱਲ ਵੀ ਕੀਤੀ ਗਈ ਸੀ, ਪਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਯੂਨੀਅਨ ਆਗੂ ਜਗਦੀਸ਼ਵਰ ਚੰਦਰ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਧਰਨਿਆਂ, ਪ੍ਰਦਰਸ਼ਨਾਂ ਅਤੇ ਹੜਤਾਲਾਂ ਦਾ ਕੇਂਦਰ ਬਣ ਚੁੱਕਾ ਹੈ ਅਤੇ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ।
ਅਣਮਿੱਥੇ ਸਮੇਂ ਦੀ ਹੜਤਾਲ ਦੀ ਚੇਤਾਵਨੀ
ਯੂਨੀਅਨ ਆਗੂ ਜੋਗਿੰਦਰ ਪਾਲ ਲਵਲੀ ਅਤੇ ਦਿਲਬਾਗ ਸਿੰਘ ਨੇ ਸਪੱਸ਼ਟ ਕੀਤਾ ਕਿ 3, 4 ਅਤੇ 5 ਅਗਸਤ ਨੂੰ ਪੰਜਾਬ ਭਰ ਵਿੱਚ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਅਤੇ ਚੱਕਾ ਜਾਮ ਕੀਤਾ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਵੀ ਕੀਤੀ ਜਾਵੇਗੀ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਜਾਂ ਟਰਾਂਸਪੋਰਟ ਪ੍ਰਬੰਧਨ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੋਈ ਦਮਨਕਾਰੀ ਕਾਰਵਾਈ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਵਿੱਚ ਬਦਲ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਪ੍ਰਬੰਧਨ ਦੀ ਹੋਵੇਗੀ।