ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਰਬੱਤ ਦੇ ਭਲੇ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ: ਜਥੇਦਾਰ ਗੜਗੱਜ
ਸ੍ਰੀ ਪੰਜਾ ਸਾਹਿਬ ਵਿਖੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਉੱਠੀ ਮੰਗ
ਸ੍ਰੀ ਪੰਜਾ ਸਾਹਿਬ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੰਸਾਰ ਨੂੰ ਦਿੱਤਾ ਗਿਆ ਫ਼ਲਸਫ਼ਾ ਸਮੁੱਚੀ ਮਨੁੱਖਤਾ ਅਤੇ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ। ਇਹ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਜ਼ਿਲ੍ਹਾ ਹਸਨ ਅਬਦਾਲ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੰਗਤ ਨਾਲ ਸਾਂਝੇ ਕੀਤੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸਕ ਹਵਾਲੇ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਸੇਵਾ ਅਤੇ ਭਲਾਈ ਦਾ ਸੰਦੇਸ਼ ਦਿੰਦੀਆਂ ਹਨ।
ਇਸ ਮੌਕੇ ਉਨ੍ਹਾਂ ਨੇ ਪਾਕਿਸਤਾਨੀ ਸਿੱਖਾਂ ਅਤੇ ਉੱਥੋਂ ਦੀ ਸਰਕਾਰ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਮਨਾਉਣ ਲਈ ਪਹੁੰਚੀ ਸਿੱਖ ਸੰਗਤ ਦਾ ਸ੍ਰੀ ਪੰਜਾ ਸਾਹਿਬ ਵਿਖੇ ਇਕੱਠੇ ਹੋਣਾ ਖ਼ੁਸ਼ੀ ਦੀ ਗੱਲ ਹੈ।
ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਸ਼ਬਦਾਂ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ
ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਿਆ ਜਾਵੇ।
ਸਮਾਗਮ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ, ਡਿਪਟੀ ਸਕੱਤਰ (ਸ਼ਰਾਈਨਜ਼) ਉਸਮਾਨ ਖ਼ਾਨ, ਸਆਦਤ ਸ਼ਹਿਬਾਜ਼ ਖ਼ਾਨ, ਸੰਤੋਖ ਸਿੰਘ ਅਤੇ ਸਤਵੰਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।