ਹਰਪਾਲ ਚੀਮਾ ਦਾ BJP ‘ਤੇ ਤਿੱਖਾ ਨਿਸ਼ਾਨਾ, ਬੋਲੇ- ਕੇਂਦਰੀ ਏਜੰਸੀਆਂ ਦੀ ਹੋ ਰਹੀ ਦੁਰਵਰਤੋਂ
Harpal Singh Cheema; ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ BJP ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ED, CBI, ਇਨਕਮ ਟੈਕਸ ਵਿਭਾਗ ਅਤੇ ਚੋਣ ਕਮਿਸ਼ਨ ਵਰਗੀਆਂ ਸੰਸਥਾਵਾਂ ਨੂੰ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ।
ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨਾਲ ਸਬੰਧਤ ਟਿਕਾਣਿਆਂ ‘ਤੇ ਕਰੀਬ 48 ਘੰਟੇ ਚੱਲੀ ED ਦੀ ਛਾਪੇਮਾਰੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਦਾਅਵਾ ਕੀਤਾ ਕਿ ਏਜੰਸੀ ਨੂੰ ਛਾਪੇਮਾਰੀ ਦੌਰਾਨ ਕੋਈ ਵੀ ਪੈਸਾ ਜਾਂ ਇਤਰਾਜ਼ਯੋਗ ਦਸਤਾਵੇਜ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਆਸੀ ਨਿਸ਼ਾਨੇ ਤਹਿਤ ਕੀਤੀ ਗਈ ਹੈ।
‘ਆਪ’ ਵਿਧਾਇਕਾਂ ਨੂੰ ਅਹੁਦਿਆਂ ਦਾ ਲਾਲਚ ਦੇ ਰਹੀ BJP: ਚੀਮਾ
ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ BJP ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਤਰੀ ਅਹੁਦਿਆਂ ਅਤੇ ਰਾਜ ਸਭਾ ਮੈਂਬਰਸ਼ਿਪ ਦਾ ਲਾਲਚ ਦੇ ਕੇ ਪਾਰਟੀ ਤੋਂ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਗੂ ਅਜਿਹੇ ਲਾਲਚਾਂ ਅੱਗੇ ਨਹੀਂ ਝੁਕਣਗੇ ਅਤੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖੜ੍ਹੇ ਹਨ।
ਚੀਮਾ ਨੇ ਕਿਹਾ ਕਿ ਡਾ. ਅਮਨਦੀਪ ਕੌਰ ਅਰੋੜਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਔਰਤਾਂ, ਵਿਦਿਆਰਥੀਆਂ, ਸਿਹਤ ਸੇਵਾਵਾਂ ਅਤੇ ਲੋਕ ਭਲਾਈ ਨਾਲ ਜੁੜੇ ਮੁੱਦੇ ਉਠਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਆਗੂਆਂ ਨੂੰ ਕੇਂਦਰੀ ਏਜੰਸੀਆਂ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
48 ਘੰਟੇ ਛਾਪੇਮਾਰੀ ਤੋਂ ਬਾਅਦ ED ਖਾਲੀ ਹੱਥ ਪਰਤੀ: ਅਮਨਦੀਪ ਕੌਰ ਅਰੋੜਾ
ਇਸ ਮੌਕੇ ਮੋਗਾ ਤੋਂ ਵਿਧਾਇਕ ਅਤੇ ‘ਆਪ’ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ED ਨੇ ਉਨ੍ਹਾਂ ਦੀ ਰਿਹਾਇਸ਼, ਦਫ਼ਤਰ, ਹਸਪਤਾਲ ਅਤੇ ਪਰਿਵਾਰਕ ਮੈਂਬਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਉਨ੍ਹਾਂ ਮੁਤਾਬਕ ਅਧਿਕਾਰੀਆਂ ਨੇ ਕਰੀਬ 42 ਤੋਂ 48 ਘੰਟਿਆਂ ਤੱਕ ਤਲਾਸ਼ੀ ਅਤੇ ਪੁੱਛਗਿੱਛ ਕੀਤੀ, ਪਰ ਕੋਈ ਪੈਸਾ ਜਾਂ ਦਸਤਾਵੇਜ਼ ਬਰਾਮਦ ਕੀਤੇ ਬਿਨਾਂ ਵਾਪਸ ਪਰਤ ਗਏ।
ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਤੋਂ ਬੱਚਿਆਂ ਦੀਆਂ ਮਾਰਕਸ਼ੀਟਾਂ, ਪਰਿਵਾਰਕ ਜਾਇਦਾਦ ਦੇ ਦਸਤਾਵੇਜ਼ਾਂ, ਹਸਪਤਾਲ ਦੇ ਰਿਕਾਰਡ ਅਤੇ ਜਨਤਕ ਸ਼ਿਕਾਇਤਾਂ ਸਮੇਤ ਕਈ ਮਾਮਲਿਆਂ ਬਾਰੇ ਸਵਾਲ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਲੰਬੀ ਪੁੱਛਗਿੱਛ ਰਾਹੀਂ ਉਨ੍ਹਾਂ ਅਤੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਗਿਆ।
ਮੰਤਰੀ ਅਹੁਦੇ ਦੀ ਪੇਸ਼ਕਸ਼ ਠੁਕਰਾਉਣ ਦਾ ਕੀਤਾ ਦਾਅਵਾ
ਡਾ. ਅਮਨਦੀਪ ਕੌਰ ਅਰੋੜਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮੰਤਰੀ ਅਹੁਦੇ ਸਮੇਤ ਕਈ ਅਹੁਦਿਆਂ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਹ ਪੇਸ਼ਕਸ਼ਾਂ ਠੁਕਰਾ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ, ਨਾ ਕਿ ਨਿੱਜੀ ਅਹੁਦਿਆਂ ਜਾਂ ਟਿਕਟਾਂ ਲਈ।
ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਕਿਹਾ ਕਿ ਕੋਈ ਵੀ ਦਬਾਅ, ਧਮਕੀ ਜਾਂ ਲਾਲਚ ਉਨ੍ਹਾਂ ਨੂੰ ਆਪਣੇ ਸਿਧਾਂਤਾਂ ਤੋਂ ਪਿੱਛੇ ਨਹੀਂ ਹਟਾ ਸਕਦਾ।
‘ਆਪ’ ਦੀਆਂ 11 ਮਹਿਲਾ ਵਿਧਾਇਕਾਂ: ਅਮਨਦੀਪ ਕੌਰ
ਡਾ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀਆਂ 11 ਮਹਿਲਾ ਵਿਧਾਇਕਾਂ ਹਨ। ਉਨ੍ਹਾਂ ਇਸ ਨੂੰ ਸੂਬੇ ਦੇ ਵਿਧਾਨ ਸਭਾ ਇਤਿਹਾਸ ਵਿੱਚ ਮਹਿਲਾ ਨੁਮਾਇੰਦਗੀ ਦਾ ਵੱਡਾ ਅੰਕੜਾ ਦੱਸਿਆ।
ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਮਹਿਲਾ ਆਗੂਆਂ ਲੋਕਾਂ ਦੀ ਸੇਵਾ ਲਈ ਕੰਮ ਕਰਦੀਆਂ ਰਹਿਣਗੀਆਂ ਅਤੇ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ, ਧਮਕੀ ਜਾਂ ਸਿਆਸੀ ਦਬਾਅ ਤੋਂ ਡਰਨ ਵਾਲੀਆਂ ਨਹੀਂ ਹਨ। ਉਨ੍ਹਾਂ ਸਿੱਖਿਆ, ਸਿਹਤ ਸੇਵਾਵਾਂ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪਾਰਟੀ ਦੀ ਵਚਨਬੱਧਤਾ ਵੀ ਦੁਹਰਾਈ।