Nayab Saini in Dera Bassi: ਸੀਐਮ ਨਾਇਬ ਸੈਣੀ ਨੇ ਹਰਿਆਣਾ ‘ਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ 24 ਘੰਟਿਆਂ ਦੇ ਅੰਦਰ ਹਰਿਆਣਾ ਛੱਡ ਦੇਣ।
ਮਨਵੀਰ ਰੰਧਾਵਾ ਦੀ ਰਿਪੋਰਟ
Haryana CM Saini to Pakistan Citizens: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹਰਿਆਣਾ ਵਿੱਚ ਸੁਰੱਖਿਆ ਨੂੰ ਲੈ ਕੇ ਅਲਰਟ ਹੈ। ਸਰਕਾਰ ਨੇ ਸੂਬੇ ਵਿੱਚ ਰਹਿ ਰਹੇ 460 ਪਾਕਿਸਤਾਨੀਆਂ ਨੂੰ ਕੱਢਣ ਦੇ ਹੁਕਮ ਜਾਰੀ ਕੀਤੇ ਹਨ। ਕੱਲ੍ਹ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੋਨ ਆਉਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਗ੍ਰਹਿ ਵਿਭਾਗ ਤੋਂ ਇਸ ਲਈ ਯੋਜਨਾ ਬਣਾਉਣ ਦੀ ਮੰਗ ਕੀਤੀ।
ਸਰਕਾਰੀ ਰਿਕਾਰਡ ਮੁਤਾਬਕ, ਇਨ੍ਹਾਂ ਚੋਂ ਜ਼ਿਆਦਾਤਰ ਹਿੰਦੂ ਪਰਿਵਾਰ ਹਨ। ਜਿਨ੍ਹਾਂ ਨੇ ਨਾਗਰਿਕਤਾ ਲਈ ਅਰਜ਼ੀ ਵੀ ਦਿੱਤੀ ਹੈ ਪਰ ਇਸ ਬਾਰੇ ਫੈਸਲਾ ਨਹੀਂ ਲਿਆ ਜਾ ਸਕਿਆ। ਅਜਿਹੇ ‘ਚ ਡੇਰਾਬੱਸੀ ਪਹੁੰਚੇ ਹਰਿਆਣਾ ਸੀਐਮ ਨਾਇਬ ਸੈਣੀ ਨੇ ਹਰਿਆਣਾ ‘ਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ 24 ਘੰਟਿਆਂ ਦੇ ਅੰਦਰ ਹਰਿਆਣਾ ਛੱਡ ਦੇਣ, ਨਹੀਂ ਤਾਂ ਅਧਿਕਾਰੀ ਉਨ੍ਹਾਂ ਨੂੰ ਫੜ ਲੈਣਗੇ ਅਤੇ ਸਰਹੱਦ ‘ਤੇ ਛੱਡ ਦੇਣਗੇ।
ਇੰਨਾ ਹੀ ਨਹੀਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਕੋਈ ਪਾਕਿਸਤਾਨੀ ਵੀਜ਼ਾ ਲੈ ਕੇ ਹਰਿਆਣਾ ਵਿੱਚ ਬੈਠਾ ਹੈ, ਤਾਂ ਉਸਨੂੰ 24 ਘੰਟਿਆਂ ਦੇ ਅੰਦਰ ਫੜ ਕੇ ਵਾਪਸ ਭੇਜ ਦਿੱਤਾ ਜਾਵੇ। ਨਾਲ ਹੀ ਉਨ੍ਹਾਂ ਪਹਿਲਗਾਮ ‘ਚ ਅੱਤਵਾਦੀਆਂ ਵਲੋਂ ਕੀਤੇ ਕਤਲੇਆਮ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਸਬਕ ਵੀ ਭਾਰਤੀ ਹੀ ਸਿਖਾਉਣਗੇ, ਜੋ ਉਸ ਨੇ ਕੰਮ ਕੀਤਾ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।