Haryana Sports Conclave 2026: ਖਿਡਾਰੀਆਂ ਦਾ ਸਨਮਾਨ, ਪੰਜਾਬ ਦੀ ਸਿਆਸਤ ‘ਤੇ CM ਸੈਣੀ ਦਾ ਵੱਡਾ ਬਿਆਨ
ਮੋਹਾਲੀ: ਡੇਲੀ ਪੋਸਟ ਨਿਊਜ਼ ਵੱਲੋਂ ਅੱਜ ਸ਼ਨੀਵਾਰ ਨੂੰ ਮੋਹਾਲੀ ਵਿੱਚ Haryana Sports Conclave 2026 ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਹਰਿਆਣਾ ਦੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀਆਂ ਪ੍ਰਾਪਤੀਆਂ ਬਾਰੇ ਗੱਲਬਾਤ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਲੀ ਪੋਸਟ ਨਿਊਜ਼ ਦੇ ਐਡੀਟਰ-ਇਨ-ਚੀਫ਼ ਜਗਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਐਡੀਟਰ ਨੀਤਿਕਾ ਮਹੇਸ਼ਵਰੀ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਉਨ੍ਹਾਂ ਨੇ ਹਰਿਆਣਾ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ, ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ, ਖੇਡ ਬਜਟ ਅਤੇ ਨੌਜਵਾਨਾਂ ਦੀ ਪ੍ਰਤਿਭਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।
ਹਰਿਆਣਾ ਦੇ ਮੈਡਲਾਂ ਵਿੱਚ ਧੀਆਂ ਦਾ ਵੱਡਾ ਯੋਗਦਾਨ: CM ਸੈਣੀ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਮੈਡਲ ਜਿੱਤਣ ਵਿੱਚ ਹਰਿਆਣਾ ਦੀਆਂ ਧੀਆਂ ਦੇ ਯੋਗਦਾਨ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਧੀਆਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਦੇਸ਼ ਦਾ ਮਾਣ ਵਧਾ ਰਹੀਆਂ ਹਨ।
CM ਸੈਣੀ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਵਿੱਚ ਬੇਹੱਦ ਪ੍ਰਤਿਭਾ ਹੈ ਅਤੇ ਖਿਡਾਰੀਆਂ ਦੀ ਮਿਹਨਤ ਤੇ ਲਗਨ ਸਦਕਾ ਸੂਬੇ ਨੇ ਖੇਡਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਮੁਤਾਬਕ, ਸਰਕਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾ ਰਹੀ ਹੈ।
ਹਰਿਆਣਾ ਵਿੱਚ 2,000 ਖੇਡ ਨਰਸਰੀਆਂ, 40 ਹਜ਼ਾਰ ਤੋਂ ਵੱਧ ਬੱਚੇ ਲੈ ਰਹੇ ਸਿਖਲਾਈ
ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਵਿੱਚ ਲਗਭਗ 2,000 ਖੇਡ ਨਰਸਰੀਆਂ ਚੱਲ ਰਹੀਆਂ ਹਨ, ਜਿੱਥੇ 40 ਹਜ਼ਾਰ ਤੋਂ ਵੱਧ ਬੱਚੇ ਸਿਖਲਾਈ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਸਰਕਾਰ ਦੀ ਤਰਜੀਹ ਹੈ।
ਉਨ੍ਹਾਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਖਿਡਾਰੀਆਂ ਦੇ ਉਤਸ਼ਾਹ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਾਮਨਵੈਲਥ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 6 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ।
ਫ਼ੌਜ ਵਿੱਚ ਹਰ 10ਵਾਂ ਜਵਾਨ ਹਰਿਆਣਵੀ: CM ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੌਜਵਾਨਾਂ ਦੀ ਦੇਸ਼ ਸੇਵਾ ਵਿੱਚ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਫ਼ੌਜ ਵਿੱਚ ਹਰ 10ਵਾਂ ਜਵਾਨ ਹਰਿਆਣਾ ਨਾਲ ਸਬੰਧਤ ਹੈ। ਉਨ੍ਹਾਂ ਨੌਜਵਾਨਾਂ ਦੀ ਮਿਹਨਤ, ਹੌਸਲੇ ਅਤੇ ਦੇਸ਼ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਸਰਕਾਰ ਕੰਮ ਕਰ ਰਹੀ ਹੈ।
ਓਲੰਪਿਕ ਕਿੱਥੇ ਵੀ ਹੋਣ, ਖਿਡਾਰੀਆਂ ਦੀ ਤਿਆਰੀ ਅਹਿਮ: CM ਸੈਣੀ
ਓਲੰਪਿਕ ਖੇਡਾਂ ਦੇ ਆਯੋਜਨ ਨਾਲ ਜੁੜੇ ਸਵਾਲ ‘ਤੇ CM ਸੈਣੀ ਨੇ ਕਿਹਾ ਕਿ ਓਲੰਪਿਕ ਗੁਜਰਾਤ ਵਿੱਚ ਹੋਣ ਜਾਂ ਕਿਸੇ ਹੋਰ ਥਾਂ, ਉਨ੍ਹਾਂ ਲਈ ਸਭ ਤੋਂ ਅਹਿਮ ਗੱਲ ਖਿਡਾਰੀਆਂ ਦੀ ਤਿਆਰੀ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਤਾਂ ਜੋ ਉਹ ਕੌਮਾਂਤਰੀ ਪੱਧਰ ‘ਤੇ ਦੇਸ਼ ਲਈ ਮੈਡਲ ਜਿੱਤ ਸਕਣ।
ਪੰਜਾਬ ਦੀਆਂ ਖੇਡ ਪ੍ਰਾਪਤੀਆਂ ਦਾ ਵੀ ਕੀਤਾ ਜ਼ਿਕਰ
ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਖੇਡਾਂ ਵਿੱਚ ਪੁਰਾਣੀ ਪਛਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਮਾਂ ਖੇਡਾਂ ਦੇ ਖੇਤਰ ਵਿੱਚ ਅੱਗੇ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਆਪਣੀ ਰਾਏ ਰੱਖਦਿਆਂ ਕਿਹਾ ਕਿ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ।
CM ਸੈਣੀ ਨੇ ਪੰਜਾਬ ਵਿੱਚ ਨੌਜਵਾਨਾਂ ਨੂੰ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਕਿਹਾ ਕਿ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਯਤਨ ਕਰੇਗੀ। ਇਸ ਦੌਰਾਨ ਉਨ੍ਹਾਂ ਨੇ Gen-Z ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੇ ਸਵਾਲ ‘ਤੇ ਵੀ ਆਪਣਾ ਪੱਖ ਰੱਖਿਆ।
Haryana Sports Conclave 2026 ਦੌਰਾਨ ਖੇਡਾਂ, ਨੌਜਵਾਨਾਂ ਦੀ ਪ੍ਰਤਿਭਾ, ਮਹਿਲਾ ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਰਗੇ ਮੁੱਦੇ ਚਰਚਾ ਦਾ ਕੇਂਦਰ ਰਹੇ। ਸਮਾਗਮ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹਰਿਆਣਾ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਲਾਮ ਕੀਤਾ ਗਿਆ।
