CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ’ਚ ਅੱਜ ਸੁਪਰੀਮ ਕੋਰਟ ’ਚ ਸੁਣਵਾਈ
Hearing in the Supreme Court in CM office case: ਨਵੀਂ ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕੁਝ ਅਧਿਕਾਰੀਆਂ ਅਤੇ ਵਿਅਕਤੀਆਂ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ CBI ਜਾਂਚ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ CBI ਨੂੰ ਦੋਸ਼ਾਂ ਦੀ ਜਾਂਚ ਕਰਕੇ ਦੋ ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਇਹ ਹੁਕਮ ਵਕੀਲ ਨਿਖਿਲ ਸਰਾਫ਼ ਵੱਲੋਂ ਦਾਇਰ ਪਟੀਸ਼ਨ ’ਤੇ ਦਿੱਤਾ ਸੀ।
ਪਿਛਲੀ ਸੁਣਵਾਈ ’ਚ ਅੰਤਰਿਮ ਰਾਹਤ ਨਹੀਂ ਮਿਲੀ
ਵੀਰਵਾਰ ਨੂੰ ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਅੱਗੇ ਸੁਣਵਾਈ ਲਈ ਲੱਗਾ ਸੀ। ਜਸਟਿਸ ਦੱਤਾ ਨੇ ਕਿਹਾ ਕਿ ਜਸਟਿਸ ਸ਼ੀਲ ਨਾਗੂ ਨੂੰ ਕੇਸ ਦੀ ਫ਼ਾਈਲ ਦੇਰ ਨਾਲ ਮਿਲੀ ਸੀ, ਜਿਸ ਕਾਰਨ ਉਹ ਇਸ ਨੂੰ ਪੜ੍ਹ ਨਹੀਂ ਸਕੇ ਸਨ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਵਿਕਾਸ ਸਿੰਘ ਨੇ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਹਾਲਾਂਕਿ, ਬੈਂਚ ਨੇ ਇਹ ਕਹਿੰਦਿਆਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਫ਼ਾਈਲ ਦਾ ਅਧਿਐਨ ਕੀਤੇ ਬਿਨਾਂ ਅਜਿਹਾ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ। ਹੁਣ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਅੱਗੇ ਵਿਚਾਰ ਕਰੇਗਾ।
