ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ
- ਪੰਜਾਬ-ਹਰਿਆਣਾ ਹਾਈਕੋਰਟ ਨੇ ਕੇਸ ਕੀਤਾ ‘Sine Die’,
- ਸੁਪਰੀਮ ਕੋਰਟ ਦੇ ਫੈਸਲੇ ਤੱਕ ਨਹੀਂ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਕ੍ਰਿਮਿਨਲ ਕੰਟੈਂਪਟ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਨੂੰ ‘Sine Die’ ਕਰ ਦਿੱਤਾ ਹੈ, ਜਿਸ ਦਾ ਮਤਲਬ ਹੈ ਕਿ ਅਗਲੀ ਸੁਣਵਾਈ ਲਈ ਕੋਈ ਤਰੀਕ ਤੈਅ ਕੀਤੇ ਬਿਨਾਂ ਕੇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਲਈ ਜਦੋਂ ਤੱਕ ਸੁਪਰੀਮ ਕੋਰਟ ਵੱਲੋਂ ਇਸ ਬਾਰੇ ਕੋਈ ਫੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਹਾਈਕੋਰਟ ਵਿੱਚ ਸੁਣਵਾਈ ਜਾਰੀ ਰੱਖਣ ਦਾ ਕੋਈ ਮਤਲਬ ਨਹੀਂ ਹੈ।
DA ਦੀ ਅਦਾਇਗੀ ਨਾ ਹੋਣ ’ਤੇ ਦਾਇਰ ਹੋਈ ਸੀ ਪਟੀਸ਼ਨ
ਇਹ ਮਾਮਲਾ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਨਾ ਮਿਲਣ ਅਤੇ ਇਸ ਸਬੰਧੀ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਇਸ ਸਬੰਧੀ ਕ੍ਰਿਮਿਨਲ ਕੰਟੈਂਪਟ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਇਸ ਕੇਸ ਦੀ ਅਗਲੀ ਕਾਰਵਾਈ ਸੁਪਰੀਮ ਕੋਰਟ ਦੇ ਫੈਸਲੇ ’ਤੇ ਨਿਰਭਰ ਕਰੇਗੀ। ਸਰਵਉੱਚ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਾਮਲੇ ਦੀ ਸੁਣਵਾਈ ਮੁੜ ਸ਼ੁਰੂ ਹੋ ਸਕੇਗੀ।