ਪੰਜਾਬ ਸਮੇਤ ਪੰਜ ਰਾਜਾਂ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਹਾਈ ਲੈਵਲ ਮੀਟਿੰਗ
ਨਵੀਂ ਦਿੱਲੀ: ਪੰਜਾਬ ਸਮੇਤ ਪੰਜ ਰਾਜਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਭਾਜਪਾ ਦੀ ਦਿੱਲੀ ਵਿੱਚ ਅਹਿਮ ਬੈਠਕ ਹੋਈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ।
ਜਾਣਕਾਰੀ ਅਨੁਸਾਰ, ਤਿੰਨਾਂ ਆਗੂਆਂ ਵਿਚਾਲੇ ਕਰੀਬ ਡੇਢ ਘੰਟੇ ਤੱਕ ਮੀਟਿੰਗ ਚੱਲੀ। ਸੂਤਰਾਂ ਮੁਤਾਬਕ ਇਸ ਦੌਰਾਨ ਕਈ ਅਹਿਮ ਸਿਆਸੀ ਅਤੇ ਸੰਗਠਨਾਤਮਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੇ ਸੰਭਾਵਿਤ ਏਜੰਡੇ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨਾ, ਸੰਸਦ ਦਾ ਆਗਾਮੀ ਵਿਸ਼ੇਸ਼ ਸੈਸ਼ਨ ਅਤੇ ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਵਰਗੇ ਮੁੱਦੇ ਸ਼ਾਮਲ ਦੱਸੇ ਜਾ ਰਹੇ ਹਨ। ਹਾਲਾਂਕਿ, ਮੀਟਿੰਗ ਵਿੱਚ ਇਨ੍ਹਾਂ ਵਿਸ਼ਿਆਂ ’ਤੇ ਹੋਈ ਚਰਚਾ ਜਾਂ ਕਿਸੇ ਫੈਸਲੇ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਦੇ ਸੰਭਾਵਿਤ ਵਿਸਥਾਰ ਨੂੰ ਲੈ ਕੇ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸਿਖਰਲੇ ਆਗੂਆਂ ਦੀ ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।