ਅੰਮ੍ਰਿਤਸਰ ਪਠਾਨਕੋਟ ਹਾਈਵੇ ‘ਤੇ ਭਿਆਨਕ ਸੜਕੀ ਹਾਦਸਾ, ਬਾਈਕ ਸਵਾਰ ਦੀ ਮੌਕੇ ‘ਤੇ ਮੌਤ
Latest News: ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਕੱਥੂਨੰਗਲ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਛੋਟੇ ਹਾਥੀ, ਟੈਂਪੂ ਅਤੇ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਉਮਰ 36 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅਮਨਪ੍ਰੀਤ ਸਿੰਘ ਪਠਾਨਕੋਟ ਤੋਂ ਅੰਮ੍ਰਿਤਸਰ ਵਾਪਸ ਆ ਰਿਹਾ ਸੀ।
ਪੁਲਸ ਅਧਿਕਾਰੀਆਂ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟੈਂਪੂ ਗਲਤ ਸਾਈਡ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਭਿਆਨਕ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਟੈਂਪੂ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।